24 ਦਿਨਾਂ ਤੋਂ ਮਰਨ ਵਰਤ 'ਤੇ ਡੱਲੇਵਾਲ, ਸਾਈਲੈਂਟ ਅਟੈਕ ਆਉਣ ਦਾ ਖਤਰਾ, ਹੋਏ ਬੇਹੋਸ਼, ਹੋਸ਼ 'ਚ ਆਉਂਦੇ ਹੀ ਕਹੀ ਇਹ ਗੱਲ
ਚੰਡੀਗੜ੍ਹ 19 ਦਸੰਬਰ ( ਰਣਜੀਤ ਧਾਲੀਵਾਲ ) : ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਖਨੌਰੀ ਵਿਖੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਨੂੰ ਡੱਲੇਵਾਲ ਦੇ ਮਰਨ ਵਰਤ ਨੂੰ 24 ਦਿਨ ਹੋ ਗਏ ਹਨ। ਅੱਜ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੁਪਹਿਰ ਵੇਲੇ ਬੇਹੋਸ਼ ਹੋ ਕੇ ਨੀਚੇ ਡਿਗ ਗਏ। ਉਹ ਬਾਥਰੂਮ ਗਏ ਸਨ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਨੂੰ ਚੱਕਰ ਆਇਆ ਅਤੇ ਬੇਹੋਸ਼ ਹੋ ਕੇ ਡਿਗ ਗਏ। ਉਨ੍ਹਾਂ ਨੂੰ ਕਰੀਬ 10 ਮਿੰਟ ਬਾਅਦ ਹੋਸ਼ ਆਈਆ। ਹੋਸ਼ 'ਚ ਆਉਣ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਸਾਹਮਣੇ ਆਪਣਾ ਪੱਖ ਰੱਖਣਗੇ। ਡੱਲੇਵਾਲ ਨੇ ਕਿਹਾ ਹੈ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਸੁਪਰੀਮ ਕੋਰਟ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਹ ਖੁਦ ਕੋਈ ਵੀ ਸੁਝਾਅ ਜਾਂ ਮੰਗ ਅਦਾਲਤ ਅੱਗੇ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਰੱਖ ਸਕਦੇ ਹਨ। ਸਾਰੇ ਹਿਤਕਾਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਢੁਕਵਾਂ ਵਿਚਾਰ ਕੀਤਾ ਜਾਵੇਗਾ। ਸਿਖਰਲੀ ਅਦਾਲਤ ਨੇ ਬੁੱਧਵਾਰ ਨੂੰ ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਗੱਲ ਕਹੀ ਸੀ। ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਸੈਂਕੜੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੇ ਹਨ। ਖਨੌਰੀ ਸਰਹੱਦ 'ਤੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਪੀੜਤ ਜਗਜੀਤ ਸਿੰਘ ਡੱਲੇਵਾਲ 24 ਦਿਨਾਂ ਤੋਂ ਮਰਨ ਵਰਤ 'ਤੇ ਹਨ। ਡਾਕਟਰਾਂ ਮੁਤਾਬਕ ਉਨ੍ਹਾਂ ਦਾ ਮਰਨ ਵਰਤ ਹੁਣ ਦਿਲ ਸਮੇਤ ਸਰੀਰ ਦੇ ਕਈ ਹਿੱਸਿਆਂ ਨੂੰ ਲਗਾਤਾਰ ਪ੍ਰਭਾਵਿਤ ਕਰ ਰਿਹਾ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਦੀ ਸੰਭਾਵਨਾ ਵਧ ਗਈ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰੀਬ 17 ਏਕੜ ਜਮੀਨ ਦੇ ਮਾਲਕ ਹਨ। ਉਨ੍ਹਾਂ ਦੀ ਪਤਨੀ ਦੀ ਮੌਤ 27 ਜਨਵਰੀ 2024 ਨੂੰ ਹੋ ਗਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਪੁੱਤਰ ਗੁਰਪਿੰਦਰਪਾਲ ਡੱਲੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ 4.5 ਏਕੜ ਜ਼ਮੀਨ ਉਨ੍ਹਾਂ ਨੇ ਆਪਣੇ ਲੜਕੇ ਗੁਰਪਿੰਦਰਪਾਲ ਦੇ ਨਾਂ ਕਰ ਦਿੱਤੀ ਹੋਈ ਹੈ। ਉਨ੍ਹਾਂ ਨੇ ਆਪਣੀ ਨੂੰਹ ਹਰਪ੍ਰੀਤ ਕੌਰ ਦੇ ਨਾਂ ’ਤੇ ਦੋ ਏਕੜ ਜ਼ਮੀਨ ਵੀ ਸੌਂਪੀ ਹੈ। ਉਨ੍ਹਾਂ ਨੇ ਬਾਕੀ ਬਚੀ 10.5 ਏਕੜ ਵਾਹੀਯੋਗ ਜ਼ਮੀਨ ਆਪਣੇ ਪੋਤਰੇ ਜਿਗਰਜੋਤ ਸਿੰਘ ਨੂੰ ਸੌਂਪ ਦਿੱਤੀ ਹੈ। ਜਗਜੀਤ ਸਿੰਘ ਡੱਲੇਵਾਲ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ ) ਧੜੇ ਨਾਲ ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੀਆਂ ਕਈ ਕਿਸਾਨ ਯੂਨੀਅਨਾਂ ਦੇ ਨਾਲ ਹੱਥ ਮਿਲਾਇਆ ਹੈ। ਨਾਲ ਹੀ ਐਸ ਕੇ ਐਮ (ਗੈਰ-ਸਿਆਸੀ) ਵੀ ਬਣਾਈ। ਡੱਲੇਵਾਲ ਪੰਜਾਬ ਦੇ ਫਰੀਦਕੋਟ ਸਥਿਤ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਵੀ ਹਨ। ਇਹ ਰਾਜ ਦੇ 19 ਜ਼ਿਲ੍ਹਿਆਂ ਵਿੱਚ ਕੰਮ ਕਰਦਾ ਹੈ। ਕੁਝ ਮਹੀਨੇ ਪਹਿਲਾਂ ਕੇ ਐਮ ਐਮ ਨੇ ਐਸ ਕੇ ਐਮ (ਗੈਰ-ਸਿਆਸੀ) ਨਾਲ ਮਿਲ ਕੇ ਕੰਮ ਕਰਨਾ ਸ਼ੁਰੂ ਕੀਤਾ ਸੀ।
Comments
Post a Comment