ਵਿਧਾਇਕ ਸੰਗੋਵਾਲ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕ ਮਿਲਣੀਆਂ ਜਾਰੀ
ਪਿੰਡ ਜਸਪਾਲ ਬਾਂਗਰ, ਬ੍ਰਾਹਮਣ ਮਾਜਰਾ, ਉਮੈਦਪੁਰ, ਟਿੱਬਾ ਤੇ ਧਰੌੜ 'ਚ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ 17 ਜੁਲਾਈ ( ਵਿਜੇ ਭਾਂਬਰੀ ) : ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕਜੁੱਟ ਹੋ ਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸੰਗੋਵਾਲ ਵੱਲੋਂ ਅੱਜ ਪਿੰਡ ਜਸਪਾਲ ਬਾਂਗਰ, ਬ੍ਰਾਹਮਣ ਮਾਜਰਾ, ਉਮੈਦਪੁਰ, ਟਿੱਬਾ ਅਤੇ ਧਰੌੜ ਵਿਖੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਦੀ ਹਮਲਾਵਰ ਮੁਹਿੰਮ 'ਤੇ ਵੀ ਚਾਨਣਾ ਪਾਇਆ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨਸ਼ਾ ਮੁਕਤੀ ਯਾਤਰਾ ਨੂੰ ਸਥਾਨਕ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਸ਼ੇ ਦੇ ਸੰਕਟ ਨਾਲ ਨਜਿੱਠਣ ਲਈ ਸਸ਼ਕਤ ਬਣਾਉਣ ਲਈ ਇੱਕ ਦੂਰਦਰਸ਼ੀ ਪਹਿਲਕਦਮੀ ਵੀ ਦੱਸਿਆ।
Comments
Post a Comment