ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਚਾਰ ਮਤੇ ਪਾਸ
1.ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ
2.ਮੁਕਤ ਵਪਾਰ ਸਮਝੌਤਿਆਂ'ਚੋਂ ਖੇਤੀ ਅਤੇ ਸਹਾਇਕ ਧੰਦੇ ਬਾਹਰ ਰੱਖੇ ਜਾਣ
3.ਪੰਜਾਬ ਵਿਧਾਨ ਸਭਾ ਪਾਣੀ ਦੇ ਮਸਲੇ ਤੇ ਵੇਲਾ ਵਿਹਾ ਚੁੱਕੇ ਪੰਜਾਬ ਵਿਰੋਧੀ ਸਾਰੇ ਸਮਝੌਤੇ ਰੱਦ ਕਰਨ, ਪੰਜਾਬ ਪੁਨਰ ਗਠਨ ਐਕਟ ਦੀ ਧਾਰਾ 78,79 ਅਤੇ 80 ਅਤੇ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦੇ ਮਤੇ ਪਾਸ ਕਰਕੇ ਸੰਸਦ ਨੂੰ ਭੇਜਣ ਦਾ ਪ੍ਰਬੰਧ ਕਰੇ
4.ਪੰਜਾਬ ਦੀ ਖੇਤੀ ਨੀਤੀ ਕਿਸਾਨ ਜਥੇਬੰਦੀਆਂ ਦੇ ਸੁਝਾਅ ਲੈ ਕੇ ਲਾਗੂ ਕੀਤੀ ਜਾਵੇ
ਆਮ ਆਦਮੀ ਪਾਰਟੀ ਸੱਦਾ ਭੇਜੇ ਜਾਣ ਦੇ ਬਾਵਜੂਦ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਹੀ
ਦਸ ਸਿਆਸੀ ਪਾਰਟੀਆਂ ਦੇ ਪ੍ਰਤੀਨਿਧ ਮੀਟਿੰਗ ਵਿੱਚ ਸ਼ਾਮਲ ਹੋਏ
ਚੰਡੀਗੜ੍ਹ 18 ਜੁਲਾਈ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚਾਰ ਮੁੱਦਿਆਂ ਜਿਨਾਂ ਵਿੱਚ ਲੈਂਡ ਪੂਲਿੰਗ ਸਕੀਮ, ਮੁਕਤ ਵਪਾਰ ਸਮਝੌਤੇ, ਪਾਣੀ ਦਾ ਸੰਕਟ ਤੇ ਵੰਡ ਅਤੇ ਸਹਿਕਾਰਤਾ ਲਹਿਰ ਆਦਿ ਉੱਪਰ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਪੰਜਾਬ ਦੀਆਂ 10 ਸਿਆਸੀ ਪਾਰਟੀਆਂ ਨੇ ਸ਼ਮੂਲੀਅਤ ਕੀਤੀ। ਪਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸੱਦਾ ਭੇਜੇ ਜਾਣ ਦੇ ਬਾਵਜੂਦ ਪਾਰਟੀ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਹੀ। ਸੰਯੁਕਤ ਕਿਸਾਨ ਮੋਰਚਾ ਦੇ ਸਰਵਸ੍ਰੀ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਡਾ ਦਰਸ਼ਨ ਪਾਲ, ਬੂਟਾ ਸਿੰਘ ਬੁਰਜਗਿੱਲ ਅਤੇ ਰਾਮਿੰਦਰ ਸਿੰਘ ਪਟਿਆਲਾ ਅਧਾਰਿਤ ਪੰਜ ਮੈਂਬਰੀ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਦੇ ਕੇਵਲ ਸਿੰਘ ਢਿੱਲੋਂ, ਸੁਭਾਸ਼ ਸ਼ਰਮਾ, ਕਾਂਗਰਸ ਵੱਲੋਂ ਰਣਦੀਪ ਸਿੰਘ ਨਾਭਾ, ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ( ਬਾਦਲ) ਦੇ ਸੁਖਦੀਪ ਸਿੰਘ ਸੁਕਾਰ, ਦਿਨੇਸ਼ ਕੁਮਾਰ, ਬਸਪਾ ਦੇ ਅਵਤਾਰ ਸਿੰਘ ਕਰੀਮਪੁਰੀ, ਅਜੀਤ ਸਿੰਘ ਭੈਣੀ, ਪੰਜ ਮੈਂਬਰੀ ਭਰਤੀ ਕਮੇਟੀ ਦੇ ਇਕਬਾਲ ਸਿੰਘ ਝੂੰਦਾ ਗੁਰਪ੍ਰਤਾਪ ਸਿੰਘ ਵਡਾਲਾ ਖੱਬੀਆਂ ਪਾਰਟੀਆਂ ਸੀ ਪੀ ਆਈ ਦੇ ਬੰਤ ਸਿੰਘ ਬਰਾੜ, ਸੀ ਪੀ ਆਈ ਐਮ ਦੇ ਸੁਖਵਿੰਦਰ ਸੇਖੋ, ਦਰਸ਼ਨ ਖਟਕੜ, ਪ੍ਰਗਟ ਸਿੰਘ ਜਾਮਾਰਾਏ ਅਤੇ ਗੁਰਮੀਤ ਸਿੰਘ ਬਖਤਪੁਰਾ ਨੇ ਸ਼ਾਮਲ ਹੋ ਕੇ ਚਾਰਾਂ ਮੁੱਦਿਆਂ ਤੇ ਆਪੋਂ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕੀਤਾ। ਕਿਸਾਨ ਆਗੂਆਂ ਹਰਮੀਤ ਸਿੰਘ ਕਾਦੀਆਂ, ਡਾ ਸਤਨਾਮ ਅਜਨਾਲਾ, ਬਲਕਰਨ ਬਰਾੜ ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ ਅਤੇ ਬੂਟਾ ਸਿੰਘ ਸ਼ਾਦੀਪੁਰ ਆਦਿ ਨੇ ਸਿਆਸੀ ਧਿਰਾਂ ਦੇ ਆਗੂਆਂ ਨੂੰ ਸਵਾਲ ਵੀ ਕੀਤੇ। ਸੰਯੁਕਤ ਕਿਸਾਨ ਮੋਰਚੇ ਨੇ ਚਾਰਾਂ ਮੁੱਦਿਆਂ ਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਆਜ਼ਾਦਾਨਾ ਸੰਘਰਸ਼ ਦੀ ਰੂਪਰੇਖਾ ਵੀ ਸਿਆਸੀ ਪਾਰਟੀਆਂ ਸਾਹਮਣੇ ਰੱਖਦਿਆਂ ਸਪੱਸ਼ਟ ਕੀਤਾ ਕਿ ਐਸ ਕੇ ਐਮ ਸੰਘਰਸ਼ ਦੀ ਆਪਣੀ ਆਜ਼ਾਦਾਨਾ ਨੀਤੀ ਤੇ ਪਹਿਰਾ ਦੇਵੇਗਾ।ਮੀਟਿੰਗ ਵਿੱਚ ਸਰਬ ਸੰਮਤੀ ਨਾਲ ਚਾਰ ਮਤੇ ਪਾਸ ਕੀਤੇ ਗਏ। ਪਹਿਲੇ ਨੰਬਰ ਉੱਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ। ਇਸ ਸਕੀਮ ਨੂੰ ਪਿੰਡ ਅਤੇ ਪੰਜਾਬ ਵਿਰੋਧੀ ਰੀਯਲ ਅਸਟੇਟ ਕੰਪਨੀਆਂ ਦੇ ਹੱਕ ਵਿੱਚ ਲੋਕ ਵਿਰੋਧੀ ਸਕੀਮ ਕਿਹਾ ਗਿਆ। ਦੂਜੇ ਨੰਬਰ ਤੇ ਵੱਖ ਵੱਖ ਮੁਲਕਾਂ ਖਾਸ ਕਰਕੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਚੋਂ ਖੇਤੀ ਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖੇ ਜਾਣ ਦਾ ਮਤਾ ਪਾਸ ਕੀਤਾ ਗਿਆ। ਪੰਜਾਬ ਦੇ ਪਾਣੀ ਦੇ ਸੰਕਟ ਤੇ ਮੀਟਿੰਗ ਵਿੱਚ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।ਇਹ ਸਰਬ ਸੰਮਤੀ ਸੀ ਕਿ ਪਾਣੀਆਂ ਦੇ ਸਮਝੌਤੇ ਬਹੁਤ ਪੁਰਾਣੇ ਹੋ ਚੁੱਕੇ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਦਰਿਆਵਾਂ ਵਿੱਚ ਪਾਣੀ ਦਾ ਵਹਿਣ ਤੇ ਹੋਰ ਬਹੁਤ ਸਾਰੀਆਂ ਤਬਦੀਲੀਆਂ ਹੋ ਚੁੱਕੀਆਂ ਹਨ।ਮਤਾ ਪਾਸ ਕੀਤਾ ਗਿਆ ਕਿ ਪੰਜਾਬ ਵਿੱਚ ਜਮੀਨ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਲਈ ਨੀਤੀ ਬਣਾਈ ਜਾਵੇ। ਪੰਜਾਬ ਵਿਧਾਨ ਸਭਾ ਪਾਣੀ ਤੇ ਵੇਲਾ ਵਿਹਾ ਚੁੱਕੇ ਪੰਜਾਬ ਵਿਰੋਧੀ ਸਾਰੇ ਸਮਝੌਤੇ ਰੱਦ ਕਰਨ,ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 79 80 ਅਤੇ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਸੰਸਦ ਨੂੰ ਭੇਜਣ ਦਾ ਪ੍ਰਬੰਧ ਕਰੇ। ਚੌਥੇ ਮਤੇ ਵਿੱਚ ਪੰਜਾਬ ਦੀ ਖੇਤੀ ਨੀਤੀ ਕਿਸਾਨ ਜਥੇਬੰਦੀਆਂ ਦੇ ਸੁਝਾਅ ਲੈ ਕੇ ਲਾਗੂ ਕਰਨ ਦੀ ਮੰਗ ਕੀਤੀ ਗਈ।
Comments
Post a Comment