ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਹੜਾਂ ਦੀ ਤਰਾਸਦੀ ਕਰਕੇ 11 ਅਕਤੂਬਰ ਦੀ ਬਜਾਏ 16 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ,
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਹੜਾਂ ਦੀ ਤਰਾਸਦੀ ਕਰਕੇ 11 ਅਕਤੂਬਰ ਦੀ ਬਜਾਏ 16 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ,
ਹੁਣ 12 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਰੋਸ ਪੱਤਰ
ਚੰਡੀਗੜ੍ਹ 2 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਵਿਆਪਕ ਤਬਾਹੀ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਥੀ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਧਨਵੰਤ ਸਿੰਘ ਭੱਠਲ, ਕਰਮ ਸਿੰਘ ਧਨੋਆ, ਸੁਰਿੰਦਰ ਪੁਆਰੀ, ਗਗਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਸੁਖਦੇਵ ਸਿੰਘ ਸੈਣੀ, ਸੁਰਿੰਦਰ ਰਾਮ ਕੁੱਸਾ, ਪ੍ਰੇਮ ਚਾਵਲਾ, ਬੋਬਿੰਦਰ ਸਿੰਘ ਅਤੇ ਹਰਦੀਪ ਟੋਡਰਪੁਰ ਨੇ ਆਖਿਆ ਕਿ ਸਾਂਝਾ ਫਰੰਟ' ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ 11 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਲੋਕਾਂ ਦੀ ਵੱਡੇ ਪੱਧਰ 'ਤੇ ਹੋਈ ਤਬਾਹੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ, ਕਿਉਂਕਿ ਇਸ ਵਕਤ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਸਾਡੀ ਸਭ ਦੀ ਪਹਿਲੀ ਤਰਜੀਹ ਹੈ। ਸਾਂਝੇ ਫਰੰਟ ਦੇ ਆਗੂਆਂ ਨੇ ਸਲਾਹ ਮਸ਼ਵਰੇ ਤੋਂ ਬਾਅਦ ਕਿਹਾ ਕਿ ਹੁਣ ਸੰਗਰੂਰ ਵਿਖੇ 16 ਨਵੰਬਰ ਨੂੰ ਸੂਬਾਈ ਰੈਲੀ ਅਤੇ ਰੋਸ ਮਾਰਚ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 12 ਅਕਤੂਬਰ ਨੂੰ ਪੰਜਾਬ ਦੇ 9 ਕੈਬਨਿਟ ਮੰਤਰੀਆਂ ਨੂੰ ਰੋਸ ਪੱਤਰ ਦਿੱਤੇ ਜਾਣਗੇ। ਸਾਂਝੇ ਫਰੰਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨਾਲੋਂ 16% ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ, ਇਸੇ ਤਰ੍ਹਾਂ ਮੁਲਾਜ਼ਮਾਂ ਦਾ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਅਤੇ ਏ.ਸੀ.ਪੀ. ਸਕੀਮ ਸਮੇਤ 37 ਭੱਤੇ ਪਿਛਲੇ 4 ਸਾਲਾਂ ਤੋਂ ਬੰਦ ਕੀਤੇ ਹੋਏ ਹਨ, ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਇਸਦੇ ਰਹਿੰਦੇ ਦੂਜੇ ਭਾਗ ਨੂੰ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਨਹੀਂ ਕੀਤੀ ਜਾ ਰਹੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਗਈ ਨੀਤੀ ਅੱਜ ਤੱਕ ਦੀਆਂ ਸਾਰੀਆਂ ਨੀਤੀਆਂ ਨਾਲੋਂ ਘਟੀਆ ਹੈ ਜਿਹੜੀ ਸਿਰਫ ਤੇ ਸਿਰਫ 58 ਸਾਲ ਤੱਕ ਸੇਵਾ ਕਰਨ ਦੀ ਹੀ ਗਰੰਟੀ ਦਿੰਦੀ ਹੈ ਅਤੇ ਹੋਰ ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ ਦਿੰਦੀ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ, ਇਸੇ ਤਰ੍ਹਾਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ ਅਤੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਆਊਟਸੋਰਸ, ਇਨਲਿਸਟਮੈਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਤਨਖਾਹ ਕਮਿਸ਼ਨ ਦੇ 5 ਸਾਲ 6 ਮਹੀਨੇ ਦੇ ਬਕਾਏ ਯਕਮੁਸ਼ਤ ਅਦਾ ਕਰਨ ਦੀ ਬਜਾਏ 42 ਅਤੇ 36 ਮਹੀਨਿਆਂ ਵਿੱਚ ਦੇਣ ਦੀ ਖੋਖਲੀ ਨੀਤੀ ਅਪਣਾਈ ਜਾ ਰਹੀ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਦੱਬੇ ਹੋਏ ਹਨ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਪ੍ਰੋਬੇਸ਼ਨ ਪੀਰੀਅਡ ਦੇ ਨਾਂ 'ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਤੱਕ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪੇ ਹੋਏ ਹਨ ਅਤੇ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾਂ ਤੋਂ ਵੀ ਵਸੂਲਿਆ ਜਾ ਰਿਹਾ ਹੈ। ਸਾਂਝੇ ਫਰੰਟ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਲੀਕੇ ਗਏ ਐਕਸ਼ਨਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ।
Comments
Post a Comment