ਸ਼ਮਿੰਦਰ ਸਿੰਘ ਦੇ ਪਰਿਵਾਰ ਨਾਲ ਪਾਰਟੀ ਪੂਰੀ ਤਰਾਂ ਡਟ ਕੇ ਨਾਲ ਖੜੀ ਹੈ : ਗਿਆਨੀ ਹਰਪ੍ਰੀਤ ਸਿੰਘ
ਦੋਸ਼ੀ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ 22 ਅਕਤੂਬਰ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਲੋਕਾਂ ਵੱਲੋਂ ਪਾਰਟੀ ਦੇ ਸੂਬਾਈ ਡੈਲੀਗੇਟ ਸ਼ਮਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਨਾਲ ਨਿੰਦਾ ਕੀਤੀ ਹੈ। ਜਿੱਥੇ ਓਹਨਾਂ ਪੀੜਤ ਪਰਿਵਾਰ ਨਾਲ ਪੂਰੀ ਤਰਾਂ ਡਟਣ ਦੀ ਗੱਲ ਕੀਤੀ ਉਥੇ ਹੀ ਦੋਸ਼ੀ ਵਿਅਕਤੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਇਨਸਾਫ਼ ਨੂੰ ਯਕੀਨੀ ਬਣਾਇਆ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਾਰਟੀ ਦੇ ਸੂਬਾਈ ਡੈਲੀਗੇਟ ਸ਼ਮਿੰਦਰ ਸਿੰਘ ਦੇ ਪਰਿਵਾਰ ਦੀ ਆਪਣੀ ਜ਼ਮੀਨ ਜਿਸ ਦੀ ਰਜਿਸਟਰੀ ਅਤੇ ਗਿਰਦਾਵਰੀ ਪਰਿਵਾਰ ਦੇ ਨਾਮ ਹੈ, ਕੁਝ ਲੋਕਾਂ ਵੱਲੋਂ ਉਸ ਜ਼ਮੀਨ ਉਪਰ ਫ਼ਸਲ ਨੂੰ ਜ਼ਬਰਦਸਤੀ ਵੱਢਣ ਦੀ ਕੋਸ਼ਿਸ਼ ਕੀਤੀ ਗਈ। ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਪਰਿਵਾਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਇੱਥੋਂ ਤੱਕ ਕਿ ਬਜ਼ੁਰਗ ਅੰਮ੍ਰਿਤਧਾਰੀ ਮਾਤਾ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਸ਼ਮਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਆਪਣੇ ਨਾਲ ਹੋਈ ਕੁੱਟਮਾਰ ਨਾ ਸਹਿਣ ਦੇ ਚਲਦੇ ਕੁਝ ਦਿਨਾਂ ਬਾਅਦ ਅਕਾਲ ਚਲਾਣਾ ਕਰ ਗਏ। ਪਰਿਵਾਰ ਵੱਲੋ ਇਨਸਾਫ਼ ਲਈ ਲਗਾਏ ਗਏ ਧਰਨੇ ਤੋ ਬਾਅਦ ਦੋਸ਼ੀ ਵਿਅਕਤੀਆਂ ਖਿਲਾਫ ਕੇਸ ਤਾਂ ਦਰਜ ਕਰ ਲਿਆ ਗਿਆ ਪਰ ਕਿਸੇ ਵੀ ਦੋਸ਼ੀ ਵਿਅਕਤੀ ਦੀ ਹੁਣ ਤੱਕ ਗਿਰਫਤਾਰੀ ਨਹੀਂ ਹੋ ਸਕੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਲਾ ਪੁਲਿਸ ਮੁਖੀ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ, ਦੋਸ਼ੀ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਪੀੜਤ ਪਰਿਵਾਰ ਦੀ ਜਾਨ ਮਾਲ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾਵੇ।

Comments
Post a Comment