ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਔਰੇੰਜ ਅਤੇ ਯੈਲੋ ਅਲਰਟ ਜਾਰੀ
ਚੰਡੀਗੜ੍ਹ 18 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੌਰਾਨ ਅੱਜ 18 ਜਨਵਰੀ ਨੂੰ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ।
ਇਸਦੇ ਨਾਲ ਹੀ 19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਵਿਚ ਯੈਲੋ ਅਲਰਟ ਰਹਿਣ ਦੇ ਨਾਲ-ਨਾਲ ਤੂਫ਼ਾਨ ਅਤੇ ਭਾਰੀ ਬਾਰਿਸ਼ ਦਾ ਖਦਸ਼ਾ ਹੈ। ਫਿਰ 23 ਅਤੇ 24 ਤਰੀਕ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਹਾੜਾਂ ਵਿੱਚ ਇਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਲਈ 19 ਤਾਰੀਖ਼ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦਕਿ 22 ਅਤੇ 23 ਜਨਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ ਵਿਚ 2.8 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ, ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Comments
Post a Comment