ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ
ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ
ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍ਹੇਆਮ ਘੁੰਮ ਰਹੇ ਹਨ।
ਉਨ੍ਹਾਂ ਕਿਹਾ ਕਿ ਵਧ ਰਹੇ ਅਪਰਾਧਾਂ ਕਾਰਨ ਵਪਾਰੀ ਅਤੇ ਕਾਰੋਬਾਰੀ ਵਰਗ ਪੰਜਾਬ ਤੋਂ ਪਲਾਇਨ ਕਰਨ ਲਈ ਮਜਬੂਰ ਹੋ ਰਿਹਾ ਹੈ। ਮੋਹਾਲੀ ਹੌਲੀ-ਹੌਲੀ ਗੈਂਗਸਟਰਾਂ ਦੀ ਪਨਾਹਗਾਹ ਬਣਦਾ ਜਾ ਰਿਹਾ ਹੈ। ਜੇਕਰ ਐਸਐਸਪੀ ਦਫ਼ਤਰ ਵਰਗੇ ਸੰਵੇਦਨਸ਼ੀਲ ਤੇ ਅਹਿਮ ਸਥਾਨ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇ।
ਡਾ. ਸ਼ਰਮਾ ਨੇ ਦੋਸ਼ ਲਗਾਇਆ ਕਿ ਫਿਰੌਤੀ ਦਾ ਧੰਦਾ ਹੁਣ ਵੱਡੇ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ ਫੈਲ ਚੁੱਕਾ ਹੈ ਅਤੇ ਇਸ ਦਾ ਨੈੱਟਵਰਕ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕੁੰਭਕਰਣੀ ਨੀਂਦ ਵਿੱਚ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਪਰ ਉਹ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਹੋਰ ਗਤੀਵਿਧੀਆਂ ਵਿੱਚ ਵਿਅਸਤ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਗੋਆ ਜਾਣ ਦੀ ਥਾਂ ਮੋਹਾਲੀ ਐਸਐਸਪੀ ਦਫ਼ਤਰ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲੈਣਾ ਚਾਹੀਦਾ ਸੀ। ਦੋਸ਼ ਲਗਾਇਆ ਕਿ ਮੁੱਖ ਮੰਤਰੀ ਦਾ ਸਾਰਾ ਧਿਆਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ‘ਚ ਲੱਗਾ ਹੋਇਆ ਹੈ, ਜਦਕਿ ਪੰਜਾਬ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਉਨ੍ਹਾਂ ਦੀ ਪ੍ਰਾਥਮਿਕਤਾ ਨਹੀਂ ਰਹੀ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਗੈਂਗਸਟਰਾਂ ਦੇ ਖਾਤਮੇ ਦੇ ਦਾਅਵੇ ਕਰਦੀ ਹੈ, ਦੂਜੇ ਪਾਸੇ ਗੈਂਗਸਟਰ ਰੋਜ਼ਾਨਾ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਨੇਤਾ ਪੁਲਿਸ ਦੀ ਥਾਂ ਗੈਂਗਸਟਰਾਂ ਨੂੰ ਸਲਾਮੀ ਦੇ ਰਹੇ ਹਨ। ਆਖ਼ਿਰ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਇੱਕ ਵਾਰ ਫਿਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਗੰਭੀਰਤਾ ਨਾਲ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਮੋਹਾਲੀ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਸਰਦਾਰ ਰਣਜੀਤ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਸ਼ੇਖਰ ਵੀ ਹਾਜ਼ਰ ਸਨ।

Comments
Post a Comment