ਪੰਜਾਬ ਦੇ ਸਰਕਾਰੀ ਮਹਿਕਮਿਆਂ ਸਿਰ ਅਰਬਾਂ ਦਾ ਬਿਜਲੀ ਬਿਲ ਬਕਾਇਆ
ਬਿਜਲੀ ਬਕਾਏ ਦੀ ਭਰਪਾਈ ਦੇ ਨਾਂ 'ਤੇ ਜਨਤਕ ਜਾਇਦਾਦਾਂ ਦੀ ਵਿਕਰੀ ਨੂੰ ਲੈ ਕੇ ਗੰਭੀਰ ਇਤਰਾਜ਼
ਚੰਡੀਗੜ੍ਹ 12 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਰਕਾਰੀ ਮਹਿਕਮੇ ਖ਼ੁਦ ਬਿਜਲੀ ਬਿੱਲਾਂ ਦੇ ਭੁਗਤਾਨ ਵਿੱਚ ਡਿਫਾਲਟਰ ਬਣਦੇ ਜਾ ਰਹੇ ਹਨ ਅਤੇ ਉਥੇ ਹੀ ਜਨਤਕ ਜਾਇਦਾਦਾਂ ਦੀ ਵਿਕਰੀ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਜਵਾਬ ਤਲਬ ਕੀਤਾ ਹੈ। ਚੰਡੀਗੜ੍ਹ ਨਿਵਾਸੀ ਰਾਜਬੀਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਪੀ.ਐਸ.ਪੀ.ਸੀ.ਐਲ. ਦੀ ਵਿਗੜਦੀ ਵਿੱਤੀ ਹਾਲਤ, ਸਰਕਾਰੀ ਵਿਭਾਗਾਂ ਦੀ ਭੁਗਤਾਨ ਵਿੱਚ ਲਾਪਰਵਾਹੀ ਤੇ ਬਿਜਲੀ ਬਕਾਏ ਦੀ ਭਰਪਾਈ ਦੇ ਨਾਂ 'ਤੇ ਜਨਤਕ ਜਾਇਦਾਦਾਂ ਦੀ ਵਿਕਰੀ ਨੂੰ ਲੈ ਕੇ ਗੰਭੀਰ ਇਤਰਾਜ਼ ਦਰਜ ਕੀਤੇ ਗਏ ਹਨ। ਪਟੀਸ਼ਨ ਅਨੁਸਾਰ, ਅਗਸਤ 2025 ਦੇ ਅੰਤ ਤੱਕ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਸਿਰ ਪੀ.ਐਸ.ਪੀ.ਸੀ.ਐਲ. ਦਾ ਕੁੱਲ ਬਿਜਲੀ ਬਕਾਇਆ 2,582.24 ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਸਿਰ ਬਿਜਲੀ ਸਬਸਿਡੀ ਦਾ ਬਕਾਇਆ ਵੀ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੱਸਿਆ ਗਿਆ ਹੈ। ਪਟੀਸ਼ਨ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਵਿੱਤੀ ਦਬਾਅ ਕਾਰਨ ਪੀ.ਐਸ.ਪੀ.ਸੀ.ਐਲ. ਨੂੰ ਕੇਵਲ ਸਾਲ 2024 ਵਿੱਚ ਹੀ ਰੋਜ਼ਾਨਾ ਦੇ ਖਰਚੇ, ਮੁਲਾਜ਼ਮਾਂ ਦੀਆਂ ਤਨਖਾਹਾਂ, ਪੈਨਸ਼ਨਾਂ ਅਤੇ ਬਿਜਲੀ ਖਰੀਦ ਦੇ ਭੁਗਤਾਨ ਲਈ ਕਰੀਬ 800 ਕਰੋੜ ਰੁਪਏ ਦਾ ਕਰਜ਼ਾ ਲੈਣਾ ਪਿਆ। ਪਟੀਸ਼ਨ ਵਿੱਚ ਦਿੱਤੇ ਗਏ ਅੰਕੜਿਆਂ ਮੁਤਾਬਕ, ਬਿਜਲੀ ਬਕਾਏ ਦਾ ਸਭ ਤੋਂ ਵੱਡਾ ਹਿੱਸਾ ਕੇਵਲ ਚਾਰ ਪ੍ਰਮੁੱਖ ਵਿਭਾਗਾਂ ਸਿਰ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਿਰ 1,013.7 ਕਰੋੜ ਰੁਪਏ, ਸਥਾਨਕ ਸਰਕਾਰਾਂ ਵਿਭਾਗ ਸਿਰ 852.4 ਕਰੋੜ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਿਰ 382.8 ਕਰੋੜ ਰੁਪਏ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸਿਰ 127.4 ਕਰੋੜ ਰੁਪਏ ਦਾ ਬਕਾਇਆ ਦਰਸਾਇਆ ਗਿਆ ਹੈ। ਇਨ੍ਹਾਂ ਚਾਰਾਂ ਵਿਭਾਗਾਂ ਸਿਰ ਹੀ ਕੁੱਲ ਬਕਾਏ ਦਾ ਲਗਭਗ 92 ਪ੍ਰਤੀਸ਼ਤ ਭਾਰ ਦੱਸਿਆ ਗਿਆ ਹੈ। ਜਨਹਿਤ ਪਟੀਸ਼ਨ ਵਿੱਚ ਸੂਬਾ ਸਰਕਾਰ ਦੀ ‘ਅਸ਼ਟਾਮ ਉਪਯੋਗ ਖਾਲੀ ਸਰਕਾਰੀ ਜ਼ਮੀਨ' ਯੋਜਨਾ ਤਹਿਤ ਜਨਤਕ ਜਾਇਦਾਦਾਂ ਦੀ ਵਿਕਰੀ ਦੀ ਨੀਤੀ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਪਟੀਸ਼ਨਰ ਨੇ ਦੱਸਿਆ ਕਿ ਬਠਿੰਡਾ ਸਥਿਤ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਲਗਭਗ 165 ਏਕੜ ਬਹੁਮੁੱਲੀ ਜ਼ਮੀਨ ਨੂੰ ਨਿਲਾਮੀ ਲਈ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਦੀ ਪਾਵਰ ਕਲੋਨੀ ਅਤੇ ਪਟਿਆਲਾ ਦੀ ਬਦੁੰਗਰ ਸਾਈਟ ਵਰਗੀਆਂ ਕੀਮਤੀ ਜਾਇਦਾਦਾਂ ਨੂੰ ਵੇਚ ਕੇ ਕਰੀਬ 2,789 ਕਰੋੜ ਰੁਪਏ ਜੁਟਾਉਣ ਦੀ ਯੋਜਨਾ ਹੈ। ਪਟੀਸ਼ਨ ਵਿੱਚ ਇਨ੍ਹਾਂ ਜਾਇਦਾਦਾਂ ਨੂੰ ‘ਫੈਮਿਲੀ ਸਿਲਵਰ’ ਯਾਨੀ ਪੁਰਖਿਆਂ ਦੀ ਧਰੋਹਰ ਦੱਸਦਿਆਂ ਕਿਹਾ ਗਿਆ ਹੈ ਕਿ ਥੋੜ੍ਹੇ ਸਮੇਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਨੂੰ ਵੇਚਣਾ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਵੇਗੀ। ਪਟੀਸ਼ਨਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ: ਪੀ.ਐਸ.ਪੀ.ਸੀ.ਐਲ. ਨੂੰ ਕਾਨੂੰਨ ਤਹਿਤ ਡਿਫਾਲਟਰ ਸਰਕਾਰੀ ਵਿਭਾਗਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਦਿੱਤੇ ਜਾਣ। ਸੂਬਾ ਸਰਕਾਰ ਨੂੰ ਹੁਕਮ ਦਿੱਤਾ ਜਾਵੇ ਕਿ ਉਹ ਬਕਾਇਆ ਬਿਜਲੀ ਬਿੱਲਾਂ ਅਤੇ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਰਾਸ਼ੀ ਦਾ ਤੁਰੰਤ ਭੁਗਤਾਨ ਕਰੇ। ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਤੋਂ ਜਵਾਬ ਤਲਬ ਕਰ ਲਿਆ ਹੈ।

Comments
Post a Comment