ਖਹਿਰਾ ਵੱਲੋਂ ਭ੍ਰਿਸ਼ਟ ਅਤੇ ਦਾਗੀ BDPO ਕੁਲਵਿੰਦਰ ਰੰਧਾਵਾ ਦੇ ਤੁਰੰਤ ਤਬਾਦਲੇ ਦੀ ਮੰਗ, ਸਿਆਸੀ ਦਬਾਅ ਹੇਠ ਗੈਰਕਾਨੂੰਨੀ ਤੋੜਫੋੜ ਦੇ ਦੋਸ਼
ਖਹਿਰਾ ਵੱਲੋਂ ਭ੍ਰਿਸ਼ਟ ਅਤੇ ਦਾਗੀ BDPO ਕੁਲਵਿੰਦਰ ਰੰਧਾਵਾ ਦੇ ਤੁਰੰਤ ਤਬਾਦਲੇ ਦੀ ਮੰਗ, ਸਿਆਸੀ ਦਬਾਅ ਹੇਠ ਗੈਰਕਾਨੂੰਨੀ ਤੋੜਫੋੜ ਦੇ ਦੋਸ਼
ਚੰਡੀਗੜ੍ਹ/ਜਲੰਧਰ 24 ਫਰਵਰੀ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ BDPO ਨਡਾਲਾ ਕੁਲਵਿੰਦਰ ਰੰਧਾਵਾ ਦਾ ਕਪੂਰਥਲਾ ਜ਼ਿਲ੍ਹੇ ਤੋਂ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਅਫ਼ਸਰ ਨੇ ਕੱਲ੍ਹ ਉਨ੍ਹਾਂ ਦੀ ਪ੍ਰੋਪਰਟੀ ਦੀ ਬਿਨਾਂ ਨੋਟਿਸ ਅਤੇ ਬਿਨਾਂ ਸੁਣਵਾਈ ਦੇ ਗੈਰਕਾਨੂੰਨੀ ਤੌਰ ‘ਤੇ ਤੋੜਫੋੜ ਕਰਵਾਈ। ਖਹਿਰਾ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਅਤੇ ਉਨ੍ਹਾਂ ਦੇ ਮਲਕੀਅਤ ਸਬੰਧੀ ਦਸਤਾਵੇਜ਼ਾਂ ਦੀ ਕੋਈ ਜਾਂਚ ਜਾਂ ਪੁਸ਼ਟੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੁਲਵਿੰਦਰ ਰੰਧਾਵਾ ਦੀ ਇਮਾਨਦਾਰੀ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ। BDPO ਅਮਲੋਹ ਦੇ ਦੌਰਾਨ ਉਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ₹40.85 ਲੱਖ ਰੁਪਏ ਦੇ ਕਥਿਤ ਘਪਲੇ ਸਬੰਧੀ ਮਾਮਲਾ (FIR ਨੰਬਰ 37, ਮਿਤੀ 09.08.2024, ਵਿਜੀਲੈਂਸ ਬਿਊਰੋ, ਪਟਿਆਲਾ) ਦਰਜ ਕੀਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਵੀ ਇਸ ਅਧਿਕਾਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾ ਚੁੱਕੇ ਹਨ ਅਤੇ ਉਸ ਨੂੰ ਪਹਿਲਾਂ ਮੁਅੱਤਲ ਤੇ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਤਾਂ ਅਜੇਹੇ ਅਧਿਕਾਰੀ ਤੋਂ ਨਿਰਪੱਖ ਕਾਰਵਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਦੋਸ਼ ਲਗਾਇਆ ਕਿ ਇਹ ਤੋੜਫੋੜ ਸਿਆਸੀ ਦਬਾਅ ਹੇਠ ਕੀਤੀ ਗਈ ਹੈ ਅਤੇ ਇਹ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਦੇ ਦੁਰਉਪਯੋਗ ਨੂੰ ਦਰਸਾਉਂਦੀ ਹੈ। ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਪੰਜਾਬ ਨੂੰ ਅਪੀਲ ਕੀਤੀ ਕਿ ਕੁਲਵਿੰਦਰ ਰੰਧਾਵਾ ਦਾ ਤੁਰੰਤ ਕਪੂਰਥਲਾ ਜ਼ਿਲ੍ਹੇ ਤੋਂ ਤਬਾਦਲਾ ਕੀਤਾ ਜਾਵੇ ਅਤੇ ਇਸ ਗੈਰਕਾਨੂੰਨੀ ਤੋੜਫੋੜ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨਿਕ ਜ਼ਬਰਦਸਤੀ ਅਤੇ ਸਿਆਸੀ ਬਦਲੇ ਦੀ ਕਾਰਵਾਈ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਅਤੇ ਸੰਵੈਧਾਨਕ ਵਿਕਲਪ ਅਪਣਾਉਣਗੇ।

Comments
Post a Comment