ਸਰਕਾਰਾਂ ਦੀਆਂ ਲੋਕ ਵਿਰੋਧੀ ਅਤੇ ਨਿੱਜੀਕਰਨ ਨੀਤੀਆਂ ਦੇ ਖਿਲਾਫ ਭਖਿਆ ਪੰਜਾਬ
ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ
12 ਫਰਵਰੀ ਦੀ ਹੜਤਾਲ ਹੋਵੇਗੀ ਇਤਿਹਾਸਿਕ, ਤਿਆਰੀ ਲਈ ਜ਼ਿਲਿਆਂ ਦੀਆਂ ਮੀਟਿੰਗਾਂ 8 ਫਰਵਰੀ ਨੂੰ
ਬਿਜਲੀ ਸੋਧ ਬਿੱਲ ਜਾਂ ਬੀਜ ਬਿੱਲ, ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ
ਅਗਲੇ ਦਿਨ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੇ ਜਾਣਗੇ ਟੋਲ ਪਲਾਜੇ ਫਰੀ
11 ਫਰਵਰੀ ਤੱਕ ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੇ ਪੁਤਲੇ ਸਾੜ ਮੁਹਿੰਮ ਸਾਰੇ ਪੰਜਾਬ ਵਿੱਚ ਰਹੇਗੀ ਜਾਰੀ
22 ਫਰਵਰੀ ਨੂੰ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਭਾਜਪਾ ਅਤੇ ਆਮ ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ
ਚੰਡੀਗੜ੍ਹ 5 ਫਰਵਰੀ ( ਰਣਜੀਤ ਧਾਲੀਵਾਲ ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਡਾਕਟਰ ਦਰਸ਼ਨ ਪਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨਿੱਜੀਕਰਨ ਦੀਆਂ ਨੀਤੀਆਂ ਜਿਵੇਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ, ਚਾਰ ਲੇਬਰ ਕੋਡਜ਼, ਮਗਨਰੇਗਾ ਦੀ ਥਾਂ ਨਵਾਂ ਲਿਆਂਦਾ ਮਜ਼ਦੂਰ ਵਿਰੋਧੀ ਕਾਨੂੰਨ, ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਗੈਰਾ ਦੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ ਜੇਕਰ ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਕਾਲਾ ਦਿਨ ਮਨਾਇਆ ਜਾਵੇਗਾ। ਜੇਕਰ ਬੀਜ ਬਿੱਲ ਪਹਿਲਾਂ ਪੇਸ਼ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਾਲਾ ਦਿਨ ਮਨਾਵੇਗਾ ਜਿਸ ਵਿੱਚ 11 ਵਜੇ ਤੋਂ 4 ਵਜੇ ਤੱਕ ਸਾਰੇ ਪੰਜਾਬ ਦੇ ਟੋਲ ਪਲਾਜਾ ਫਰੀ ਕੀਤੇ ਜਾਣਗੇ ਜਿਸ ਜ਼ਿਲ੍ਹੇ ਵਿੱਚ ਕੋਈ ਟੋਲ ਨਹੀਂ ਹੋਵੇਗਾ ਉਥੇ ਕੇਂਦਰ ਸਰਕਾਰ ਦੇ ਕਿਸੇ ਅਦਾਰੇ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਬਿਜਲੀ ਸੋਧ ਬਿੱਲ ਪੇਸ਼ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਇਸੇ ਤਰ੍ਹਾਂ ਕਾਲਾ ਦਿਨ ਮਨਾਇਆ ਜਾਵੇਗਾ।
ਬਿਜਲੀ ਸੋਧ ਬਿਲ ਜਾਂ ਬੀਜ ਬਿੱਲ ਦਾ ਵਿਰੋਧ ਸਿਰਫ ਇੱਕ ਦਿਨ ਨਹੀਂ, ਸਗੋਂ ਅੱਗੇ ਵੀ ਡਟਵਾਂ ਵਿਰੋਧ ਜਾਰੀ ਰਹੇਗਾ। ਇਸ ਵਾਸਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਨ ਮਨਾਉਣ ਤੋਂ ਅਗਲੇ ਹੀ ਦਿਨ ਐਮਰਜੈਂਸੀ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਮੀਟਿੰਗ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ ਨਾਲ ਹੋਏ ਮੁਕਤ ਵਪਾਰ ਸਮਝੌਤੇ ਨੂੰ ਜਨਤਕ ਕੀਤਾ ਜਾਵੇ। ਜੇਕਰ ਖੇਤੀ, ਪੋਲਟਰੀ ਅਤੇ ਡੈਅਰੀ ਖੇਤਰ ਵਿੱਚ ਕੋਈ ਸਮਝੌਤਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਚੁੱਪ ਨਹੀਂ ਬੈਠਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾਂ ਹੀ 11 ਫਰਵਰੀ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਹੋਇਆ ਹੈ। ਇਹ ਮੁਹਿੰਮ ਪਿੰਡ ਪੱਧਰ ਤੱਕ ਜਾਰੀ ਰਹੇਗੀ।
12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਕੀਤੀ ਜਾ ਰਹੀ ਹੜਤਾਲ ਦਾ ਸਾਰੀਆਂ ਜਥੇਬੰਦੀਆਂ ਵੱਲੋਂ ਡਟਵਾਂ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਸਾਰੇ ਜ਼ਿਲਿਆਂ ਦੀਆਂ ਸਾਂਝੀਆਂ ਮੀਟਿੰਗਾਂ ਅੱਠ ਫਰਵਰੀ ਨੂੰ ਬੁਲਾਈਆਂ ਗਈਆਂ ਹਨ। ਇਹਨਾਂ ਮੀਟਿੰਗਾਂ ਵਿੱਚ 12 ਫਰਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਜ਼ਿਲਾ ਵਾਰ ਠੋਸ ਵਿਉਂਤਬੰਦੀ ਕੀਤੀ ਜਾਵੇਗੀ।
ਮੀਟਿੰਗ ਦਾ ਸਰਬਸੰਮਤੀ ਨਾਲ ਇਹ ਵਿਚਾਰ ਬਣਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਸਹਿਮਤ ਹੈ। ਪੰਜਾਬ ਸਰਕਾਰ ਨੇ ਅੱਜ ਤੱਕ ਬਿਜਲੀ ਸੋਧ ਬਿੱਲ ਦੇ ਖਿਲਾਫ ਬਿਆਨ ਤੱਕ ਨਹੀਂ ਦਿੱਤਾ ਸਗੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ, ਮਜ਼ਦੂਰਾਂ ਮੁਲਾਜ਼ਮਾਂ ਦੇ ਘੋਲਾਂ ਦੀ ਅਣਦੇਖੀ ਕਰਨ ਅਤੇ ਸੰਘਰਸ਼ੀ ਲੋਕਾਂ ਤੇ ਜਬਰ ਕਰਨ ਦੇ ਰਾਹ ਪਈ ਹੋਈ ਹੈ। ਇਸ ਲਈ ਸਾਰੇ ਜਿਲਿਆਂ ਵਿੱਚ 22 ਫਰਵਰੀ ਨੂੰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ 11 ਵਜੇ ਤੋਂ ਤਿੰਨ ਵਜੇ ਤੱਕ ਧਰਨੇ ਦਿੱਤੇ ਜਾਣਗੇ। ਧਰਨਿਆਂ ਵਾਲੀਆਂ ਥਾਵਾਂ ਵੀ ਜ਼ਿਲਿਆਂ ਦੀਆਂ ਸਾਂਝੀਆਂ ਮੀਟਿੰਗਾਂ ਵਿੱਚ ਤੈਅ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਵੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਭਜਨ ਸਿੰਘ ਬੁੱਟਰ, ਡਾਕਟਰ ਸਤਨਾਮ ਸਿੰਘ ਅਜਨਾਲਾ, ਹਰਵਿੰਦਰ ਸਿੰਘ ਬੱਲੋ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਰਾਜੂ ਔਲਖ, ਗੁਰਦਰਸ਼ਨ ਸਿੰਘ ਖਾਸਪੁਰ, ਰਜਿੰਦਰ ਕੁਮਾਰ, ਜਸਵਿੰਦਰ ਸਿੰਘ, ਬਲਿਹਾਰ ਸਿੰਘ, ਗੁਲਜਾਰ ਸਿੰਘ ਗੋਰੀਆ, ਲਛਮਣ ਸਿੰਘ ਸੇਵੇਵਾਲਾ, ਹਰਜਿੰਦਰ ਸਿੰਘ, ਹਰਦੀਪ ਸਿੰਘ ਟੋਡਰਪੁਰ, ਧਰਮਵੀਰ ਹਰੀਗੜ੍ਹ, ਕਸ਼ਮੀਰ ਸਿੰਘ ਘੁੱਗਸ਼ੋਰ, ਅਵਤਾਰ ਸਿੰਘ ਤਾਰੀ, ਰੇਸ਼ਮ ਸਿੰਘ ਖੇਮੂਆਣਾ, ਨਿਰਮਲ ਕੁਮਾਰ ਨਾਭਾ, ਗੋਬਿੰਦ ਸਿੰਘ ਛਾਜਲੀ, ਸੁਖਵਿੰਦਰ ਸਿੰਘ ਦੁੱਮਣਾ, ਪ੍ਰਕਾਸ਼ ਸਿੰਘ ਪਾਸ਼ਾ, ਸੁਰਿੰਦਰ ਸਿੰਘ ਲਾਹੌਰੀਆ, ਰਣਜੀਤ ਸਿੰਘ ਢਿੱਲੋਂ , ਡਾਕਟਰ ਧੰਨਾ ਮੱਲ ਗੋਇਲ, ਹਰਪ੍ਰੀਤ ਸਿੰਘ ਫਰੀਦਕੋਟ, ਸੇਵਾ ਸਿੰਘ, ਸੱਤਪਾਲ ਸਿੰਘ ਬਨੂੜ, ਇੰਜ: ਦਵਿੰਦਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ, ਹਾਕਮ ਸਿੰਘ ਧਨੇਠਾ, ਰਮਨਦੀਪ ਸਿੰਘ, ਜਗਪਾਲ ਸਿੰਘ ਊਧਾ, ਰਣਜੀਤ ਸਿੰਘ ਖੜੋਲਾ, ਪਵਨਦੀਪ ਸਿੰਘ, ਪੁਸ਼ਪਿੰਦਰ, ਨਮਿਤਾ, ਸਤਨਾਮ ਸਿੰਘ, ਵੀਨਾ ਜੰਮੂ, ਜੋਰਾਵਰ ਸਿੰਘ, ਲੱਖਾ ਸਿੰਘ, ਗੁਰਬਖਸ਼ ਸਿੰਘ, ਗੁਰਨਾਮ ਸਿੰਘ ਭੀਖੀ,ਪ੍ਰਦੀਪ ਮੁਸਾਹਿਬ, ਜਗਤਾਰ ਸਿੰਘ ਕਾਲਾ ਝਾੜ ਅਤੇ ਇੰਦਰਪਾਲ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਜ਼ਦੂਰ ਮੁਲਾਜ਼ਮ ਆਗੂ ਹਾਜ਼ਰ ਸਨ।

Comments
Post a Comment