ਭਗਵੰਤ ਮਾਨ ਸਰਕਾਰ ਕਰ ਰਹੀ ਹੈ ਲੋਕਤੰਤਰ ਦਾ ਘਾਣ : ਹਰਦੇਵ ਸਿੰਘ ਉੱਭਾ
ਭਾਜਪਾ ਆਗੂਆ ਦੀ ਗ੍ਰਿਫਤਾਰੀ ਤੇ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ : ਹਰਦੇਵ ਉੱਭਾ
ਵਿਰੋਧੀ ਆਵਾਜ਼ਾਂ ਨੂੰ ਦਬਾਉਣਾ ਲੋਕਤੰਤਰ ਲਈ ਖਤਰਨਾਕ : ਭਾਜਪਾ ਵੱਲੋਂ ਸੰਘਰਸ਼ ਦਾ ਐਲਾਨ
ਚੰਡੀਗੜ੍ਹ 18 ਮਾਰਚ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੇ ਜਲੰਧਰ ਵਿੱਚ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਭਾਜਪਾ ਤੇ ਹੋਰ ਵਿਰੋਧੀ ਪਾਰਟੀਆ ਦੇ ਆਗੂਆਂ ਦੀ ਗ੍ਰਿਫਤਾਰੀ ਨਾਲ ਨਾਲ ਉਨ੍ਹਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦੀ ਕੜੀ ਨਿੰਦਾ ਕੀਤੀ।
ਉੱਭਾ ਨੇ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੁਖਲਾਹਟ ਨੂੰ ਦਰਸਾਉਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਅਤੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਇਸ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੁੰਦਾ ਹੈ, ਪਰ ਮਾਨ ਸਰਕਾਰ ਇਸ ਅਧਿਕਾਰ ਨੂੰ ਖਤਮ ਕਰਨ ‘ਤੇ ਤਲੀ ਹੋਈ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਵੱਲੋਂ ਪੰਜਾਬ ਦੇ ਅਸਲ ਹਾਲਾਤਾਂ ਨੂੰ ਉਜਾਗਰ ਕਰਨ ਵਾਲੀਆਂ ਖ਼ਬਰਾਂ ਪ੍ਰਕਾਸ਼ਿਤ ਕਰਨ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਕਰਨਾ ਬਹੁਤ ਨਿੰਦਨਯੋਗ ਹੈ ਅਤੇ ਇਹ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।ਉਨ੍ਹਾਂ ਕਿਹਾ ਕਿ ਮੀਡੀਆ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।
ਉੱਭਾ ਨੇ ਕਿਹਾ ਕਿ ਭਾਜਪਾ ਇਸ ਮਾਮਲੇ ‘ਚ ਚੁੱਪ ਨਹੀਂ ਬੈਠੇਗੀ ਅਤੇ ਪਾਰਟੀ ਵੱਲੋਂ ਜਲਦ ਹੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰ ਦੀ ਰੱਖਿਆ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰੇਗੀ ਅਤੇ ਜਨਤਾ ਦੇ ਅਧਿਕਾਰਾਂ ਲਈ ਹਰ ਪੱਧਰ ‘ਤੇ ਲੜਾਈ ਲੜੇਗੀ। ਅਖੀਰ ਵਿੱਚ ਉਨ੍ਹਾਂ ਮਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਤਾਨਾਸ਼ਾਹੀ ਰਵੱਈਆ ਜਾਰੀ ਰਿਹਾ ਤਾਂ ਪੰਜਾਬ ਦੀ ਜਨਤਾ ਇਸਦਾ ਮੁਹੰਤੋੜ ਜਵਾਬ ਦੇਵੇਗੀ।

Comments
Post a Comment