ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਅਹਿਮ ਮੀਟਿੰਗ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਅਹਿਮ ਮੀਟਿੰਗ ਕੀਤੀ
ਚੰਡੀਗੜ੍ਹ 11 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਕਾਲਜਾਂ ਦੀ ਅਕਾਦਮਿਕ, ਪ੍ਰਬੰਧਕੀ ਅਤੇ ਵਿੱਤੀ ਸਥਿਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਕਾਲਜਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਗਿਣਤੀ, ਸਿੱਖਿਆ ਦੇ ਮਿਆਰ ਅਤੇ ਸੰਸਥਾਵਾਂ ਦੀ ਵਿੱਤੀ ਮਜ਼ਬੂਤੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ’ਤੇ ਗੰਭੀਰ ਚਰਚਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸੰਸਥਾਵਾਂ ਦੀ ਸਾਖ ਅਤੇ ਕਾਮਯਾਬੀ ਨੂੰ ਵੀ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਤਰੱਕੀ ਲਈ ਵਿਦਿਆਰਥੀਆਂ ਦੀ ਯੋਗ ਗਿਣਤੀ ਅਤੇ ਵਿੱਤੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਜੇਕਰ ਇਹ ਦੋਵੇਂ ਪੱਖ ਮਜ਼ਬੂਤ ਨਾ ਹੋਣ ਤਾਂ ਸੰਸਥਾਵਾਂ ਨੂੰ ਲੰਮੇ ਸਮੇਂ ਤੱਕ ਸਥਿਰ ਰੱਖਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਕਾਲਜਾਂ ਦੇ ਸਟਾਫ ਨੂੰ ਮਜ਼ਬੂਤ ਇੱਛਾ ਸ਼ਕਤੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਯਤਨ ਕਰਨੇ ਪੈਣਗੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਚੱਲ ਰਹੇ ਕੁਝ ਵਿਦਿਅਕ ਅਦਾਰਿਆਂ ਦੀ ਮੌਜੂਦਾ ਹਾਲਤ ਕਮਜ਼ੋਰ ਹੈ, ਜਿਸ ਨੂੰ ਸੁਧਾਰਨ ਲਈ ਸੰਬੰਧਤ ਸਟਾਫ ਨੂੰ ਵੱਧ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਇਨ੍ਹਾਂ ਅਦਾਰਿਆਂ ਦੀ ਸਥਿਤੀ ਵਿੱਚ ਸੁਧਾਰ ਨਾ ਆਇਆ ਤਾਂ ਭਵਿੱਖ ਵਿੱਚ ਪ੍ਰਬੰਧਕੀ ਪੱਧਰ ’ਤੇ ਕਠੋਰ ਫੈਸਲੇ ਲੈਂਦਿਆਂ ਅਜਿਹੇ ਅਦਾਰਿਆਂ ਨੂੰ ਹੋਰ ਸੰਸਥਾਵਾਂ ਵਿੱਚ ਮਿਲਾਉਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਮਾਜ ਵਿੱਚ ਅੱਗੇ ਵਧਣ ਲਈ ਮਜ਼ਬੂਤ ਆਧਾਰ ਮਿਲ ਸਕੇ। ਇਸ ਲਈ ਸਾਰੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਸੰਸਥਾਵਾਂ ਦੇ ਵਿਕਾਸ ਲਈ ਨਵੇਂ ਉਪਰਾਲੇ ਕਰਨ ਅਤੇ ਵਿਦਿਆਰਥੀਆਂ ਨੂੰ ਵਧੀਆ ਮੌਕੇ ਪ੍ਰਦਾਨ ਕਰਨ ਲਈ ਸਾਂਝੇ ਤੌਰ ’ਤੇ ਯਤਨਸ਼ੀਲ ਰਹਿਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਡ, ਗੁਰਬਖਸ਼ ਸਿੰਘ ਖਾਲਸਾ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਸਤਪਾਲ ਸਿੰਘ ਤਲਵੰਡੀ ਭਾਈ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਆਦਿ ਮੌਜੂਦ ਸਨ।

Comments
Post a Comment