ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ : ਹਰਚੰਦ ਸਿੰਘ ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂਹ ਅਧਿਕਾਰੀਆਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਹਾੜ੍ਹੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਕਿਹਾ – ਮੰਡੀ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ
ਐਸ.ਏ.ਐਸ. ਨਗਰ 19 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਮੰਡੀਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ 1 ਅਪ੍ਰੈਲ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ, ਜਿਸਦੇ ਲਈ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਸਮੇਂ ਸਿਰ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਅਤੇ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ।
ਇਸ ਦੇ ਨਾਲ ਹੀ ਸ. ਬਰਸਟ ਨੇ ਸਮੂਹ ਅਧਿਕਾਰੀਆਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵੀ ਵਿਸ਼ੇਸ਼ ਪੱਧਰ ਤੇ ਉਪਰਾਲੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ. ਸਮੇਤ ਸਮੂਹ ਜਿਲ੍ਹਾ ਮੰਡੀ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਰਹੇ।

Comments
Post a Comment