ਚੁੱਘ ਨੇ “ਪ੍ਰਾਣ ਪ੍ਰਤਿਸ਼ਠਿਤ” ਹਿੰਦੂ ਮੂਰਤੀਆਂ ਨੂੰ ਵੀ ਬੇਅਦਬੀ ਬਿੱਲ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ
ਬਿੱਲ ਲਿਆਉਣ ਲਈ 49 ਮਹੀਨੇ ਕਿਉਂ ਲੱਗੇ? ਪੰਜਾਬ ਜਵਾਬ ਚਾਹੁੰਦਾ : ਚੁੱਘ
ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੂਜਨੀਯ, ਗੁਰੂ ਅਤੇ ਭਗਵਾਨ ਮੰਨਦੇ ਹਾਂ ਅਤੇ ਸਾਡਾ ਸਪੱਸ਼ਟ ਮਤ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕਤਲ ਦੇ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਮਿਲਣੀ ਚਾਹੀਦੀ ਹੈ। ਚੁੱਘ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਸਤਾਵਿਤ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੋਧੀ ਬਿੱਲ ਵਿੱਚ “ਪ੍ਰਾਣ ਪ੍ਰਤਿਸ਼ਠਿਤ” ਹਿੰਦੂ ਮੂਰਤੀਆਂ ਨੂੰ ਵੀ ਸਪੱਸ਼ਟ ਤੌਰ ‘ਤੇ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਸਥਾ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਕਬੂਲ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਸਾਜ਼ਿਸ਼ ਦੇ ਤਹਿਤ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਤਣਾਅ ਅਤੇ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਦੇ ਮਨਸੂਬੇ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਚੁੱਘ ਨੇ ਤਿੱਖਾ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਜਾਣਨਾ ਚਾਹੁੰਦਾ ਹੈ ਕਿ ਮਾਨ ਸਰਕਾਰ ਨੂੰ ਇਹ ਸੋਧ ਬਿੱਲ ਲਿਆਉਣ ਵਿੱਚ 49 ਮਹੀਨੇ ਕਿਉਂ ਲੱਗ ਗਏ। ਉਨ੍ਹਾਂ ਕਿਹਾ ਕਿ ਚੋਣੀ ਵਾਅਦਿਆਂ ਦੇ ਬਾਵਜੂਦ ‘ਆਪ’ ਸਰਕਾਰ ਨੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਸਾਲਾਂ ਤੱਕ ਦੇਰੀ ਕੀਤੀ, ਜੋ ਉਸ ਦੀ ਗੰਭੀਰਤਾ ਦੀ ਕਮੀ ਦਰਸਾਉਂਦੀ ਹੈ।
ਚੁੱਘ ਨੇ ਕਿਹਾ ਕਿ ਰਾਜ ਸਰਕਾਰ ਧਾਰਮਿਕ ਸਥਾਨਾਂ ਅਤੇ ਪ੍ਰਤੀਕਾਂ ਦੀ ਸੁਰੱਖਿਆ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਹਾਲੀਆ ਘਟਨਾਵਾਂ ਵਿੱਚ ਇਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਾ ਤਾਂ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾ ਸਕੀ ਹੈ ਅਤੇ ਨਾ ਹੀ ਪੁਲਿਸ ਥਾਣਿਆਂ ਦੀ, ਜਿਸ ਨਾਲ ਸਰਕਾਰ ਦੀ ਨੀਅਤ ਅਤੇ ਸ਼ਾਸਨ ਦੋਵਾਂ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਚੁੱਘ ਨੇ ਮੰਗ ਕੀਤੀ ਕਿ ਪ੍ਰਸਤਾਵਿਤ ਬਿੱਲ ਵਿੱਚ ਤੁਰੰਤ ਸੋਧ ਕਰਕੇ “ਪ੍ਰਾਣ ਪ੍ਰਤਿਸ਼ਠਿਤ” ਹਿੰਦੂ ਮੂਰਤੀਆਂ ਦੀ ਸੁਰੱਖਿਆ ਲਈ ਸਪੱਸ਼ਟ ਪ੍ਰਬੰਧ ਜੋੜੇ ਜਾਣ, ਤਾਂ ਜੋ ਸਾਰੀਆਂ ਆਸਥਾਵਾਂ ਨੂੰ ਬਰਾਬਰ ਦਾ ਸਤਿਕਾਰ ਮਿਲ ਸਕੇ।

Comments
Post a Comment