ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ
ਚੰਡੀਗੜ੍ਹ 09 ਅਪ੍ਰੈਲ ( ਰਣਜੀਤ ਧਾਲੀਵਾਲ ) : ਲੋਕ ਨਿਰਮਾਣ ਵਿਭਾਗ ਅੰਦਰ ਕੰਮ ਕਰਦੇ ਕੱਚੇ ਕਾਮਿਆਂ ਵੱਲੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਸੈਕਟਰ -17, ਚੰਡੀਗੜ੍ਹ ਸਥਿਤ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਸੁਰੇਸ਼ ਕੁਮਾਰ ਠਾਕੁਰ ਨੇ ਦੱਸਿਆ ਲੋਕ ਨਿਰਮਾਣ ਵਿਭਾਗ ਵਿੱਚ ਕੰਮ ਕਰਦੇ ਕਾਮੇਂ ਜੋ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਕੋਠੀਆਂ ਤੇ ਵੱਡੇ ਅਧਿਕਾਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਤੇ ਰੱਖ ਰੱਖਾਅ ਦਾ ਕੰਮ ਕਰਦੇ ਹਨ।
ਉਨ੍ਹਾਂ ਦੀ ਤਨਖ਼ਾਹ ਹਰ ਮਹੀਨੇ ਲੇਟ ਹੋ ਜਾਂਦੀ ਹੈ ਵਾਰ ਵਾਰ ਮੀਟਿੰਗਾ ਵਿੱਚ ਵਾਅਦਾ ਕਰਨ ਦੇ ਬਾਵਜੂਦ ਵੀ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ। ਅਤੇ ਕਿਰਤ ਕਾਨੂੰਨਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਤਨਖਾਹਾਂ ਨਾ ਮਿਲਣ ਕਾਰਨ ਇਹ ਮੁਲਾਜ਼ਮ ਭਾਰੀ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ।ਇਥੇ ਦੱਸਣਯੋਗ ਹੈ ਕਿ ਇਹ ਕਾਮੇਂ 20-20 ਸਾਲ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਹਨ ਪ੍ਰੰਤੂ ਇਹਨਾਂ ਨੂੰ ਕਿਸੇ ਵੀ ਸਰਕਾਰ ਵੱਲੋਂ ਰੈਗੂਲਰ ਨਹੀਂ ਕੀਤਾ ਗਿਆ।
ਮੌਜੂਦਾ ਸਰਕਾਰ ਵਲੋਂ ਵੀ ਸੱਤਾ ਸੰਭਾਲਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨਾਲ ਅਨੇਕਾਂ ਵਾਅਦੇ ਕੀਤੇ ਗਏ ਪ੍ਰੰਤੂ ਸੱਤਾ ਸੰਭਾਲਣ ਤੋਂ ਬਾਅਦ ਸਾਰੇ ਭੁੱਲਾਂ ਦਿੱਤੇ ਗਏ। ਹੁਣ ਜਦੋਂ ਇਹ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਤੇ ਪੁਲਿਸ ਦਾ ਜ਼ਬਰ ਕੀਤਾ ਜਾਂਦਾ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ ਜਿਸ ਦੀ ਆਉਣ ਵਾਲੇ ਸਮੇਂ ਵਿੱਚ ਭਾਰੀ ਕੀਮਤ ਚੁਕਾਉਣੀ ਪਵੇਗੀ। ਅੱਜ ਦੇ ਧਰਨੇ ਨੂੰ ਸਿਵੇਦਰ ਕੁਮਾਰ, ਹਨੂੰਮਾਨ ਪ੍ਰਸਾਦਿ,ਰਾਜ ਕਰਨ, ਸ਼ੀਤਲਾ ਪ੍ਰਸ਼ਾਦ,ਚਰਨ ਸਿੰਘ, ਪ੍ਰਸ਼ੋਤਮ ਸਿੰਘ ਤੇ ਫੈਡਰੇਸ਼ਨ ਆਗੂ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਵੀ ਸੰਬੋਧਨ ਕੀਤਾ।

Comments
Post a Comment