ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ’ਚ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ ਸੂਬੇ ਭਰ ਵਿਚ ਡੀ ਸੀ/ਐਸ ਡੀ ਐਮ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ’ਚ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ ਸੂਬੇ ਭਰ ਵਿਚ ਡੀ ਸੀ/ਐਸ ਡੀ ਐਮ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ
ਚੰਡੀਗੜ੍ਹ 30 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਲੰਬੇ-ਲੰਬੇ ਬਿਜਲੀ ਕੱਟ ਲਗਾ ਕੇ ਸਮਾਜ ਦੇ ਸਾਰੇ ਵਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਰੋਸ ਮੁਜ਼ਾਹਰੇ ਕੀਤੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਧਰਨੇ ਹਲਕਾ ਪੱਧਰ ’ਤੇ ਦਿੱਤੇਗਏ ਜਿਸ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭਰਪੂਰ ਸਹਿਯੋਗ ਦਿੱਤਾ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਢਿੱਲੇ ਮੱਠੇ ਰਵੱਈਏ ਤੇ ਵਾਰ-ਵਾਰ ਬਿਜਲੀ ਕੱਟਾਂ ਤੋਂ ਔਖੇ ਸਥਾਨਕ ਲੋਕਾਂ ਨੇ ਰੋਸ ਧਰਨੇ ਵਾਸਤੇ ਭਰਪੂਰ ਸਹਿਯੋਗ ਦਿੱਤਾ।
ਇਸ ਮੌਕੇ ਆਪਣੇ ਸੰਦੇਸ਼ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸਮੇਂ ਸਿਰ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਨਾ ਕਰਨ ਤੇ ਪਹਾੜੀ ਰਾਜਾਂ ਤੋਂ ਬਿਜਲੀ ਖਰੀਦਣ ਲਈ ਅਗਾਊਂ ਸਮਝੌਤੇ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਪਾਰਟੀ ਕੇਡਰ ਤੇ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਮਜ਼ਬੂਤ ਸੰਦੇਸ਼ ਦਿੱਤਾ ਕਿ ਆਪ ਸਰਕਾਰ ਦੀ ਇਹ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਪੰਜਾਬ ਵਿਚ ਲੰਬੇ ਤੇ ਰੂਟੀਨ ਵਿਚ ਬਿਜਲੀ ਕੱਟ ਲੱਗ ਰਹੇ ਹਨ ਪਰ ਆਪ ਸਰਕਾਰ ਸਿਰਫ ਪਬਲੀਸਿਟੀ ਤੇ ਝੂਠੀਆਂ ਪ੍ਰਚਾਰ ਮੁਹਿੰਮਾਂ ਵਿਚ ਜੁਟੀ ਹੈ।
ਵੇਰਵੇ ਸਾਂਝੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ (2007 ਤੋਂ 2017) ਤੱਕ ਅਸੀਂ ਨਵੇਂ ਥਰਮਲ, ਸੋਲਰ, ਪਣ ਬਿਜਲੀ ਤੇ ਬਾਇਓ ਮਾਸ ਪ੍ਰਾਜੈਕਟ ਸਥਾਪਿਤ ਕੀਤੇ ਅਤੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਬਿਜਲੀ ਦੀ ਵਧਦੀ ਮੰਗ ਦੇ ਮੱਦੇਨਜ਼ਰ ਇਕ ਵੀ ਯੂਨਿਟ ਪੈਦਾਵਾਰ ਵਧਾਉਣ ਵਿਚ ਨਾਕਾਮ ਸਾਬਤ ਹੋਈਆਂ ਹਨ ਜਿਸ ਕਾਰਨ ਹੁਣ ਸੂਬੇ ਵਿਚ ਬਿਜਲੀ ਕੱਟ ਲੱਗ ਰਹੇ ਹਨ।

.jpg)
Comments
Post a Comment