ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ ਬੇਮੌਸਮੀ ਵਰਖਾ ਦੇ ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ : ਰਵੀਇੰਦਰ ਸਿੰਘ
ਚੰਡੀਗੜ੍ਹ 15 ਅਪ੍ਰੈਲ ( ਰਣਜੀਤ ਧਾਲੀਵਾਲ ) : ਸਾਬਕਾ ਵਿਧਾਨ ਸਭਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ੍ਰੀ ਰਵੀਇੰਦਰ ਸਿੰਘ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਈ ਕਣਕ ਦੇ ਢੇਰਾਂ ਸਬੰਧੀ ਗੰਭੀਰ ਚਿੰਤਾ ਜਿਤਾਂਉਂਦੇ ਹੋਏ ,ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਲੰਮੇ ਸਮੇਂ ਤੋਂ ਪਈ ਹੋਣ ਕਾਰਨ ਉਹਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉੱਪਰੋਂ ਬੇਮੌਸਮੀ ਵਰਖਾ ਨੇ ਹਾਲਾਤ ਹੋਰ ਵੀ ਵਿਗਾੜ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਵਰਖਾ ਕਾਰਨ ਕਣਕ ਭਿੱਜ ਕੇ ਖਰਾਬ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮੇਹਨਤ ਨੂੰ ਵੱਡਾ ਝਟਕਾ ਲੱਗਿਆ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਮੰਡੀਆਂ ਵਿੱਚ ਪ੍ਰਬੰਧ ਨਾਕਾਮ ਸਾਬਤ ਹੋ ਰਹੇ ਹਨ ਅਤੇ ਕਿਸਾਨ ਆਪਣੇ ਹੱਕ ਲਈ ਤਰਸ ਰਹੇ ਹਨ।
ਉਨ੍ਹਾਂ ਸਰਕਾਰ ਨੂੰ ਜੋਰ ਦਿੱਤਾ ਹੈ ਕਿ ਤੁਰੰਤ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਈ ਜਾਵੇ ਅਤੇ ਜਿਨ੍ਹਾਂ ਕਿਸਾਨਾਂ ਦੀ ਫਸਲ ਬੇਮੌਸਮੀ ਵਰਖਾ ਕਾਰਨ ਨੁਕਸਾਨੀ ਗਈ ਹੈ, ਉਹਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਜਾਰੀ ਕੀਤਾ ਜਾਵੇ।
ਰਵੀਇੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਕਿਸਾਨਾਂ ਵਿੱਚ ਗੁੱਸਾ ਵੱਧੇਗਾ ਅਤੇ ਇਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਜਤਨ ਕੀਤਾ ਜਾਵੇਗਾ। ਇਹ ਬਿਆਨ ਮੀਡੀਆ ਇਨਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ

Comments
Post a Comment