ਜੈ ਜਵਾਨ ਜੈ ਕਿਸਾਨ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ
ਮੇਜਰ ਆਰਪੀਐਸ ਮਲਹੋਤਰਾ ਨੂੰ ਪੰਜਾਬ ਪ੍ਰਧਾਨ ਲਗਾਇਆ
ਪੰਜਾਬ ਦੇ ਜਵਾਨਾਂ, ਕਿਸਾਨਾਂ, ਮੁਲਾਜ਼ਮ, ਔਰਤਾਂ ਸਣੇ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਚੁੱਕਣ ਦਾ ਕੀਤਾ ਪ੍ਰਗਟਾਵਾ
ਚੰਡੀਗੜ੍ਹ 5 ਮਈ ( ਰਣਜੀਤ ਧਾਲੀਵਾਲ ) : ਜੈ ਜਵਾਨ ਜੈ ਕਿਸਾਨ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਡਾਕਟਰ ਬਲਜੀਤ ਸਿੰਘ ਔਲਖ ਨੇ ਕੀਤਾ ਹੈ। ਇਸ ਮੌਕੇ ਡਾਕਟਰ ਬਲਜੀਤ ਸਿੰਘ ਔਲਖ ਵੱਲੋਂ ਮੇਜਰ ਆਰਪੀਐਸ ਮਲਹੋਤਰਾ ਨੂੰ ਜੈ ਜਵਾਨ ਜੈ ਕਿਸਾਨ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ ਅਤੇ ਉਹਨਾਂ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਮੇਜਰ ਆਰਪੀਐਸ ਮਲਹੋਤਰਾ ਦੀ ਅਗਵਾਈ ਹੇਠ ਲੜਨ ਦਾ ਐਲਾਨ ਕੀਤਾ।
ਮੇਜਰ ਆਰਪੀਐਸ ਮਲਹੋਤਰਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਹਨ ਪਰ ਪੂਰਾ ਕਦੇ ਕੁਝ ਨਹੀਂ ਕੀਤਾ ਗਿਆ। ਪਰ ਜੈ ਜਵਾਨ ਜੈ ਕਿਸਾਨ ਪਾਰਟੀ ਨੂੰ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਵੱਲੋਂ ਬਣਾਇਆ ਗਿਆ ਹੈ। ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਅਤੇ ਲੋਕਾਂ ਦਾ ਢਿੱਡ ਭਰਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਵਾਨਾ, ਕਿਸਾਨਾਂ, ਮੁਲਾਜ਼ਮਾਂ, ਲੋਕਾਂ ਦੀ ਸਮਾਜਿਕ ਸੁਰੱਖਿਆ ਅਤੇ ਔਰਤਾਂ ਇਹ ਮੁਦਿਆਂ ਨੂੰ ਵਿਸ਼ੇਸ਼ ਤੌਰ ਤੇ ਚੁੱਕਿਆ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਨੂੰ ਮੁਕਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੋਜ਼ਗਾਰ ਮੁਹਈਆ ਕਰਵਾਇਆ ਜਾਵੇਗਾ ਉਹਨਾਂ ਕਿਹਾ ਕਿ ਅਗਨੀਵੀਰ ਯੋਜਨਾ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਕੁਝ ਵੀ ਨਹੀਂ ਮਿਲ ਰਹੇ। ਇਸ ਲਈ ਪੰਜਾਬ ਵਿੱਚ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਕੇਂਦਰ ਸਰਕਾਰ ਉੱਤੇ ਅਗਨੀਵੀਰ ਯੋਜਨਾ ਨੂੰ ਰੱਦ ਕਰਨ ਲਈ ਦਬਾਅ ਬਣਾਇਆ ਜਾਵੇਗਾ ਉੱਥੇ ਹੀ ਅਗਨੀ ਵੀਰਾਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਵਾਉਣ ਲਈ ਵਿਸ਼ੇਸ਼ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅਗਨੀ ਵੀਰਾਂ ਨੂੰ ਸ਼ਹਾਦਤ ਤੋਂ ਬਾਅਦ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਮਦਦ ਅਤੇ ਨੌਕਰੀ ਵੀ ਦਿੱਤੀ ਜਾਵੇਗੀ।
ਮੇਜਰ ਮਲਹੋਤਰਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਅਤੇ ਕੁਦਰਤੀ ਆਫਤਾਂ ਕਰਕੇ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ 10 ਹਜਾਰ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਬਜ਼ੁਰਗਾਂ ਨੂੰ ਸਿਰਫ 1500 ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ ਇਸ ਨੂੰ ਵਧਾ ਕੇ ਪੰਜ ਹਜਾਰ ਰੁਪਏ ਮਹੀਨਾ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਓਪੀਐਸ ਨੂੰ ਬਹਾਲ ਕੀਤਾ ਜਾਵੇਗਾ ਅਤੇ ਡੀਏ ਨੂੰ ਕੇਂਦਰੀ ਤਰ੍ਹਾਂ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਹੱਕ ਵਿੱਚ ਵਿਸ਼ੇਸ਼ ਨਿਯਮ ਤਿਆਰ ਕੀਤੇ ਜਾਣਗੇ। ਇਸ ਲਈ ਪ੍ਰਵਾਸੀ ਭਾਰਤੀਆਂ ਦੇ ਜਾਇਦਾਦਾਂ ਨਾਲ ਸੰਬੰਧਿਤ ਮਾਮਲਿਆਂ ਦਾ ਨਿਪਟਾਰਾ 60 ਦਿਨਾਂ ਵਿੱਚ ਕਰਨ ਲਈ ਫਾਸਟ ਟਰੈਕ ਟਰਬਿਊਨਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਨੂੰ ਹਫਤੇ ਵਿੱਚ ਪੰਜ ਦਿਨ ਕੰਮ ਅਤੇ ਅੱਠ ਘੰਟੇ ਡਿਊਟੀ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।
ਮੇਜਰ ਆਰਪੀਐਸ ਮਲਹੋਤਰਾ ਨੇ ਕਿਹਾ ਕਿ ਪੰਜਾਬ ਵਿੱਚ ਰਾਜਸੀ ਆਗੂਆਂ ਦੀ ਸ਼ਹਿ ਤੇ ਵੱਡੇ ਪੱਧਰ ਉੱਤੇ ਮਾਈਨਿੰਗ ਕੀਤੀ ਜਾ ਰਹੀ ਹੈ ਹੈ ਜਿਸ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡਾ ਖੋਰਾ ਲੱਗ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੇ ਰਾਜ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਵੇਗੀ ਅਤੇ ਮਾਈਨਿੰਗ ਇਸ ਕਾਰਪੋਰੇਸ਼ਨ ਦੇ ਅਧੀਨ ਕਰਵਾਈ ਜਾਵੇਗੀ। ਇਸ ਨਾਲ ਸੂਬੇ ਨੂੰ ਭਾਰੀ ਵਿੱਤੀ ਲਾਭ ਹੋਵੇਗਾ ਅਤੇ ਸੂਬਾ ਆਰਥਿਕ ਤੌਰ ਤੇ ਮਜਬੂਤ ਹੋ ਸਕੇਗਾ। ਨਸ਼ਿਆਂ ਦੇ ਖਾਤਮੇ ਲਈ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਵਿੱਚ ਦੇਸ਼ ਦਾ ਸਭ ਤੋਂ ਸੁਰੱਖਿਤ ਸੂਬਾ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਦੇਸ਼ ਵਿੱਚੋਂ ਵੀਆਈਪੀ ਕਲਚਰ ਨੂੰ ਖਤਮ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਹਰੇਕ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।
ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਵਾਤਾਵਰਨ ਅਤੇ ਸੂਬੇ ਦੇ ਸੰਗੀ ਢਾਂਚੇ ਦੇ ਹਿਤਾਂ ਦੀ ਰਾਖੀ ਲਈ ਵਿਸ਼ੇਸ਼ ਤੌਰ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸੂਬੇਦਾਰ ਵੀਰ ਸਿੰਘ ਚੌਹਾਨ, ਮੋਗਾ ਸੂਬੇਦਾਰ ਮੇਜਰ ਲਾਲ ਸਿੰਘ, ਕਰਨਲ ਰਾਜਕੁਮਾਰ, ਬਲਜੀਤ ਸ਼ਰਮਾ, ਹਰਮਨ ਟਿਵਾਣਾ, ਅਮਰਜੀਤ ਸਿੰਘ ਸੋਢੀ ਅਤੇ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

Comments
Post a Comment