ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ
ਚੰਡੀਗੜ੍ਹ 9 ਮਈ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਪੰਜਾਬੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬੰਗਾਲ ਦੀ ਜਨਤਾ ਨੇ ਭਾਜਪਾ ‘ਤੇ ਵਿਸ਼ਵਾਸ ਜਤਾਇਆ ਹੈ, ਓਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਭਾਜਪਾ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣ, ਤਾਂ ਜੋ ਸਰਹੱਦੀ ਸੂਬੇ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਤੋਂ ਬਚਾਇਆ ਜਾ ਸਕੇ। ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਇਸ ਵੇਲੇ ਇਕ ਨਿਰਣਾਇਕ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਗੈਂਗਸਟਰਾਂ, ਮਾਫੀਆ ਅਤੇ ਭ੍ਰਿਸ਼ਟ ਤੰਤਰ ਤੋਂ ਮੁਕਤ ਕਰਨ ਲਈ ਵੱਡੇ ਰਾਜਨੀਤਿਕ ਬਦਲਾਅ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ।
ਚੁੱਘ ਨੇ ਕਿਹਾ ਕਿ ਕੇਵਲ “ਡਬਲ ਇੰਜਣ ਸਰਕਾਰ” ਹੀ ਪੰਜਾਬ ਦੀ ਖੋਈ ਹੋਈ ਪਹਿਚਾਣ, ਵਿਕਾਸ ਅਤੇ ਸੁਰੱਖਿਆ ਨੂੰ ਮੁੜ ਬਹਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੋਵਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਪੱਛਮੀ ਬੰਗਾਲ ਵਿੱਚ ਭਾਜਪਾ ਦੇ ਵਧਦੇ ਜਨ ਸਮਰਥਨ ਦਾ ਜ਼ਿਕਰ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਅਤੇ ਸਭ ਦਾ ਪ੍ਰਯਾਸ” ਦੇ ਮੂਲ ਮੰਤਰ ‘ਤੇ ਕੰਮ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੂਬੇ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਡਰ ਮੁਕਤ ਬਣਾਏ। ਚੁੱਘ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ੇ ਦੇ ਜਾਲ ਨੂੰ ਖਤਮ ਕਰਕੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਕਾਇਮ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਲਗਾਤਾਰ ਦੇਸ਼ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਭਾਰਤ ਨੂੰ ਆਤੰਕਵਾਦ ਅਤੇ ਨਕਸਲਵਾਦ ਤੋਂ ਮੁਕਤ ਬਣਾਉਣ ਲਈ ਕੰਮ ਕਰ ਰਹੇ ਹਨ।
ਕਿਸਾਨਾਂ ਦੇ ਮੁੱਦੇ ‘ਤੇ ਗੱਲ ਕਰਦਿਆਂ ਚੁੱਘ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਹਰਿਆਣਾ ਵਿੱਚ 24 ਫਸਲਾਂ ਦੀ ਐਮਐਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ, ਜੋ ਕਿਸਾਨਾਂ ਪ੍ਰਤੀ ਭਾਜਪਾ ਦੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ। ਚੁੱਘ ਨੇ ਪੰਜਾਬ ਦੇ ਨੌਜਵਾਨਾਂ, ਵਪਾਰੀਆਂ ਅਤੇ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਇਕ ਸਥਿਰ, ਸੁਰੱਖਿਅਤ ਅਤੇ ਵਿਕਾਸ ਕੇਂਦਰਿਤ ਸਰਕਾਰ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਭਾਜਪਾ ਨੂੰ ਮਜ਼ਬੂਤ ਕਰਕੇ ਸੂਬੇ ਦੇ ਸੁਰੱਖਿਅਤ ਅਤੇ ਤਰੱਕੀਸ਼ੀਲ ਭਵਿੱਖ ਦਾ ਰਾਹ ਸਾਫ਼ ਕਰਨ ਦਾ ਸੱਦਾ ਦਿੱਤਾ।

Comments
Post a Comment