ਬਲਬੀਰ ਸਿੰਘ ਸਿੱਧੂ ਨੇ ਬਿਜਲੀ ਅਤੇ ਟੇਲਾਂ ਤੱਕ ਨਹਿਰੀ ਪਾਣੀ ਨਾ ਪਹੁੰਚਣ ਦੇ ਮੁੱਦੇ 'ਤੇ ਘੇਰੀ ਪੰਜਾਬ ਸਰਕਾਰ
ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਤੁਰੰਤ ਹੱਲ ਕਰੇ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ
ਐਸ.ਏ.ਐਸ.ਨਗਰ 30 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਅਤੇ ਸਿੰਚਾਈ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਸਭ ਤੋਂ ਅਹਿਮ ਸਮੇਂ ਦੌਰਾਨ ਨਾ ਤਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫ਼ਸਲ ਸੁੱਕਣ ਦੇ ਕੰਢੇ 'ਤੇ ਪਹੁੰਚ ਗਈ ਹੈ।
ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਇਹ ਦਾਅਵੇ ਕੀਤੇ ਗਏ ਕਿ ਨਹਿਰਾਂ ਦਾ ਪਾਣੀ ਟੇਲਾਂ ਰਾਹੀਂ ਸੂਬੇ ਦੇ ਆਖ਼ਰੀ ਸਿਰੇ ਤੱਕ ਪਹੁੰਚਾ ਦਿੱਤਾ ਗਿਆ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ, ਕਿਸਾਨ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸ ਰਹੇ ਹਨ ਅਤੇ ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਸਰਕਾਰ ਦੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਰਕਾਰ ਦੇ ਇਹ ਸਾਰੇ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।
ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਦੇ ਕਈ-ਕਈ ਘੰਟਿਆਂ ਦੇ ਅਣਐਲਾਨੇ ਕੱਟ ਲਗਾ ਕੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਗਿਆ ਹੈ। ਸਿੱਧੂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਝਾੜੂ ਸਰਕਾਰ ਨੇ ਬੜੇ ਹੰਕਾਰ ਨਾਲ ਕਿਸਾਨਾਂ ਨੂੰ ਕਿਹਾ ਸੀ ਕਿ ਹੁਣ ਉਹ ਅਫ਼ਸਰਾਂ ਵਾਂਗ ਸਵੇਰੇ 9 ਵਜੇ ਟਾਈਮ ਨਾਲ ਖੇਤਾਂ ਵਿੱਚ ਜਾਣਗੇ ਅਤੇ ਸ਼ਾਮ ਨੂੰ ਘਰ ਪਰਤਣਗੇ। ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਇਹ ਬਦਲਾਅ ਨਹੀਂ, ਸਗੋਂ ਪੰਜਾਬ ਦੇ ਅੰਨਦਾਤਾ ਨਾਲ ਕੀਤਾ ਗਿਆ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ।
ਸਿੱਧੂ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਦਾ ਅੰਨਦਾਤਾ ਭੁਗਤ ਰਿਹਾ ਹੈ। ਆਪਣੀ ਮਿਹਨਤ ਨਾਲ ਪਾਲੀ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ਵਿੱਚ ਜਨਰੇਟਰ ਚਲਾਉਣ ਲਈ ਮਜਬੂਰ ਹਨ। ਬਿਜਲੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਇੱਕ ਹਾਈ-ਪਾਵਰ ਟਿਊਬਵੈੱਲ ਜਾਂ ਮੋਟਰ ਚਲਾਉਣ ਲਈ ਰੋਜ਼ਾਨਾ ਕਰੀਬ 60 ਤੋਂ 70 ਲੀਟਰ ਡੀਜ਼ਲ ਦੀ ਖਪਤ ਹੋ ਰਹੀ ਹੈ। ਡੀਜ਼ਲ ਦੀਆਂ ਮੌਜੂਦਾ ਕੀਮਤਾਂ ਨੂੰ ਦੇਖਦੇ ਹੋਏ ਇੱਕ ਕਿਸਾਨ ਨੂੰ ਹਰ ਰੋਜ਼ ਲਗਭਗ 5,000 ਤੋਂ 7,000 ਰੁਪਏ ਤੱਕ ਦਾ ਵਾਧੂ ਖ਼ਰਚਾ ਆਪਣੀ ਜੇਬ ਵਿੱਚੋਂ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਬੋਝ ਕਿਸਾਨਾਂ ਦੀ ਆਰਥਿਕ ਕਮਰ ਤੋੜ ਰਿਹਾ ਹੈ ਅਤੇ ਸਰਕਾਰ ਦੀ ਲਾਪਰਵਾਹੀ ਦਾ ਸਿੱਧਾ ਖ਼ਮਿਆਜ਼ਾ ਅੰਨਦਾਤਾ ਭੁਗਤਣ ਲਈ ਮਜਬੂਰ ਹੈ।
ਸਿੱਧੂ ਨੇ ਸਵਾਲ ਕਰਦਿਆਂ ਕਿਹਾ ਕਿ ਜੇਕਰ ਖੇਤੀ ਉੱਤੇ ਰੋਜ਼ਾਨਾ ਇੰਨਾ ਵੱਡਾ ਵਾਧੂ ਖ਼ਰਚਾ ਥੋਪ ਦਿੱਤਾ ਜਾਵੇਗਾ ਤਾਂ ਕਿਸਾਨ ਦੇ ਹੱਥ ਕੀ ਆਵੇਗਾ? ਇਸ ਅੰਨ੍ਹੇ ਖ਼ਰਚੇ ਨੇ ਕਿਸਾਨੀ ਦਾ ਮੁਨਾਫ਼ਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਹੁਣ ਹਾਲਾਤ ਇਹ ਹਨ ਕਿ ਕਿਸਾਨ ਲਈ ਫ਼ਸਲ ਦੀ ਲਾਗਤ ਕੱਢਣੀ ਵੀ ਔਖੀ ਹੋ ਗਈ ਹੈ। ਇਹ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਸਿਰਫ਼ ਢੋਂਗ ਕਰ ਰਹੀ ਹੈ, ਜਦਕਿ ਅਸਲ ਵਿੱਚ ਆਪਣੀ ਨਾਕਾਮੀ ਦਾ ਬੋਝ ਕਿਸਾਨਾਂ ਦੇ ਸਿਰ ਪਾ ਕੇ ਉਨ੍ਹਾਂ ਨੂੰ ਕਰਜ਼ੇ ਅਤੇ ਆਰਥਿਕ ਸੰਕਟ ਵੱਲ ਧੱਕ ਰਹੀ ਹੈ।ਸਿੱਧੂ ਨੇ ਕਿਹਾ ਕਿ ਇਸ ਨਾਕਾਮ ਸਰਕਾਰ ਦੇ ਰਾਜ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਸ਼ਹਿਰਾਂ ਦੇ ਵਪਾਰੀ, ਦੁਕਾਨਦਾਰ, ਉਦਯੋਗਪਤੀ ਅਤੇ ਆਮ ਨਾਗਰਿਕ ਵੀ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਅੱਤ ਦੀ ਗਰਮੀ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਛੋਟੇ ਕਾਰੋਬਾਰ ਠੱਪ ਪਏ ਹਨ, ਹਸਪਤਾਲਾਂ ਵਿੱਚ ਮਰੀਜ਼ ਪਰੇਸ਼ਾਨ ਹਨ ਅਤੇ ਘਰਾਂ ਵਿੱਚ ਬੱਚੇ, ਔਰਤਾਂ ਅਤੇ ਬਜ਼ੁਰਗ ਬੇਹਾਲ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਕਰੋੜਾਂ ਰੁਪਿਆ ਦੂਜੇ ਸੂਬਿਆਂ ਵਿੱਚ ਚੋਣ ਪ੍ਰਚਾਰ ਅਤੇ ਸਰਕਾਰੀ ਇਸ਼ਤਿਹਾਰਾਂ ਉੱਤੇ ਖ਼ਰਚ ਕੀਤਾ ਜਾ ਰਿਹਾ ਹੈ, ਜਦਕਿ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਅੰਤ ਵਿੱਚ ਸਿੱਧੂ ਨੇ ਮੰਗ ਕੀਤੀ ਕਿ ਬਿਜਲੀ ਵਿਭਾਗ ਤੁਰੰਤ ਸਾਰੇ ਅਣਐਲਾਨੇ ਬਿਜਲੀ ਕੱਟ ਬੰਦ ਕਰੇ ਅਤੇ ਖੇਤੀਬਾੜੀ ਅਤੇ ਘਰੇਲੂ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਨਹਿਰੀ ਵਿਭਾਗ ਨੂੰ ਹਦਾਇਤ ਦਿੱਤੀ ਜਾਵੇ ਕਿ ਟੇਲਾਂ ਤੱਕ ਤੁਰੰਤ ਪਾਣੀ ਪਹੁੰਚਾਇਆ ਜਾਵੇ ਤਾਂ ਜੋ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਸਥਿਤੀ ਵਿੱਚ ਸੁਧਾਰ ਨਾ ਆਇਆ ਤਾਂ ਪੰਜਾਬ ਕਾਂਗਰਸ ਸੂਬੇ ਭਰ ਵਿੱਚ ਸੜਕਾਂ 'ਤੇ ਉਤਰੇਗੀ ਅਤੇ ਬਿਜਲੀ ਗਰਿੱਡਾਂ, ਨਹਿਰੀ ਵਿਭਾਗ ਦੇ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦਾ ਘਿਰਾਓ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Comments
Post a Comment