ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ
ਐਸ.ਏ.ਐਸ.ਨਗਰ 3 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਮੀਟਿੰਗ ਸੂਬਾਈ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਮੁਹਾਲੀ ਦੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੈਂਬਰ ਚੁਣਿਆ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ 8 ਜੁਲਾਈ ਨੂੰ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦਾ ਸਾਂਝੇ ਤੌਰ ’ਤੇ ਘਿਰਾਓ ਕੀਤਾ ਜਾਵੇਗਾ।
ਸੂਬਾਈ ਕਨਵੀਨਰ ਸੁਖਦੇਵ ਸਿੰਘ ਸੈਣੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਤਨਖ਼ਾਹ ਕਮਿਸ਼ਨਾਂ ਵੱਲੋਂ ਦਿੱਤੇ ਲਾਭ ਵਾਪਸ ਲੈ ਰਹੀ ਹੈ ਅਤੇ ਅਦਾਲਤਾਂ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਅਪੀਲਾਂ ਦਾਇਰ ਕਰ ਰਹੀ ਹੈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਦੇਰੀ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ, ਪੰਜਵੇਂ ਤਨਖ਼ਾਹ ਕਮਿਸ਼ਨ ਅਧੀਨ ਖੋਹੇ ਗਏ ਗ੍ਰੇਡ-ਪੇ ਦੇ ਲਾਭ ਮੁੜ ਦਿੱਤੇ ਜਾਣ, ਕੱਚੇ, ਵਰਕਚਾਰਜ ਅਤੇ ਐਨਲਿਸਟਮੈਂਟ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਆਂਗਣਵਾੜੀ, ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ ਬਣਦੇ ਮਾਣਭੱਤੇ ਦਿੱਤੇ ਜਾਣ।
ਆਗੂਆਂ ਨੇ ਦੋਸ਼ ਲਾਇਆ ਕਿ ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬੰਦ ਕਰ ਦਿੱਤੇ ਗਏ ਹਨ। ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀਆਂ ਗਈਆਂ, ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਨਹੀਂ ਦਿੱਤਾ ਗਿਆ ਅਤੇ 18 ਫ਼ੀਸਦੀ ਮਹਿੰਗਾਈ ਭੱਤੇ ਸਮੇਤ ਪਿਛਲੀਆਂ ਕਿਸ਼ਤਾਂ ਦਾ ਬਕਾਇਆ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਥੇਬੰਦੀਆਂ ਨੂੰ 8 ਜੁਲਾਈ ਨੂੰ ਮੁਹਾਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Comments
Post a Comment