ਵੜਿੰਗ ਨੇ ਖੰਨਾ ਵਿੱਚ ਮਨਰੇਗਾ ਮੁਲਾਜਮਾਂ 'ਤੇ ਪੁਲਿਸ ਦੀ ਬੇਰਹਿਮੀ ਦੀ ਕੀਤੀ ਨਿੰਦਾ
ਕਿਹਾ: ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਬਣਾਇਆ
ਚੰਡੀਗੜ੍ਹ 15 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੰਨਾ ਵਿੱਚ ਆਪਣੀਆਂ ਬਕਾਇਆ ਮਜ਼ਦੂਰੀਆਂ ਦੀ ਅਦਾਇਗੀ ਦੀ ਮੰਗ ਕਰ ਰਹੇ ਮਨਰੇਗਾ ਮੁਲਾਜ਼ਮਾਂ 'ਤੇ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ। ਸਰਕਾਰ ਲੋੜਵੰਦ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਉੱਪਰ ਪੁਲਿਸ ਬਲ ਦਾ ਪ੍ਰਯੋਗ ਕਰ ਰਹੀ ਹੈ।
ਉਨ੍ਹਾਂ ਨੇ ਜੋਰ ਦਿੰਦਿਆਂ, ਕਿਹਾ ਕਿ ਮਨਰੇਗਾ ਮੁਲਾਜ਼ਮ ਨਾ ਸਿਰਫ਼ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਨ, ਸਗੋਂ ਉਹ "ਸਤਿਨਾਮ ਵਾਹਿਗੁਰੂ" ਦਾ ਜਾਪ ਵੀ ਕਰ ਰਹੇ ਸਨ, ਲੇਕਿਨ ਫਿਰ ਵੀ ਪੁਲਿਸ ਨੇ ਉਨ੍ਹਾਂ ਨਾਲ ਅਜਿਹੀ ਬੇਰਹਿਮੀ ਵਰਪਾਈ। ਸੂਬਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਆਖ਼ਿਰ ਮਨਰੇਗਾ ਮੁਲਾਜ਼ਮਾਂ ਦਾ ਕੀ ਕਸੂਰ ਸੀ ਕਿ ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕੀਤਾ? ਉਨ੍ਹਾਂ ਨੇ ਪੁੱਛਿਆ ਕਿ ਕੀ ਆਮ ਆਦਮੀ ਦੀ ਸਰਕਾਰ ਆਪਣੇ ਹੀ ਲੋਕਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਦੀ ਹੈ? ਉਨ੍ਹਾਂ ਨੇ ਮਨਰੇਗਾ ਮੁਲਾਜ਼ਮਾਂ 'ਤੇ ਬਿਨਾਂ ਕਾਰਨ ਬੇਰਹਿਮ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ।

Comments
Post a Comment