ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਰਹੀ ਨਿਰਾਸ਼ਾਜਨਕ; ਰਾਹਤ ਪੈਕੇਜ ਨਾ ਮਿਲਣਾ ਕੇਂਦਰ ਦੀ ਨੀਅਤ 'ਤੇ ਖੜ੍ਹੇ ਕਰਦਾ ਹੈ ਸਵਾਲ : ਹਰਿੰਦਰ ਸਿੰਘ ਲੱਖੋਵਾਲ
ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਰਹੀ ਨਿਰਾਸ਼ਾਜਨਕ; ਰਾਹਤ ਪੈਕੇਜ ਨਾ ਮਿਲਣਾ ਕੇਂਦਰ ਦੀ ਨੀਅਤ 'ਤੇ ਖੜ੍ਹੇ ਕਰਦਾ ਹੈ ਸਵਾਲ : ਹਰਿੰਦਰ ਸਿੰਘ ਲੱਖੋਵਾਲ
ਚੰਡੀਗੜ੍ਹ 18 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਬੀਤੇ ਦਿਨ ਜਲੰਧਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਇਹ ਫੇਰੀ ਪੰਜਾਬ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਸਾਬਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਖੇਤੀ ਸੰਕਟ, ਵਧਦੀ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਦੇ ਬੋਝ ਅਤੇ ਛੋਟੇ ਕਾਰੋਬਾਰਾਂ ਦੀ ਮੰਦਹਾਲੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਕਿਸੇ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਜਾਂ ਨਵੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਐਲਾਨ ਕਰਨਗੇ, ਪਰ ਅਜਿਹਾ ਕੁਝ ਵੀ ਨਹੀਂ ਹੋਇਆ।
ਲੱਖੋਵਾਲ ਨੇ ਕਿਹਾ ਕਿ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਦਾ ਕਿਸਾਨ ਲੰਮੇ ਸਮੇਂ ਤੋਂ ਮੰਗ ਕਰ ਰਿਹਾ ਹੈ ਕਿ ਖੇਤੀ ਕਰਜ਼ਿਆਂ ਦੇ ਮਸਲੇ ਦਾ ਠੋਸ ਹੱਲ ਕੀਤਾ ਜਾਵੇ, ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਖੇਤੀ ਲਾਗਤ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਮਸਲਿਆਂ 'ਤੇ ਕੇਂਦਰ ਸਰਕਾਰ ਸਪੱਸ਼ਟ ਰੁਖ ਅਪਣਾਏ। ਇਸੇ ਤਰ੍ਹਾਂ ਮਜ਼ਦੂਰ ਵਰਗ ਮਹਿੰਗਾਈ ਅਤੇ ਰੁਜ਼ਗਾਰ ਦੀ ਅਣਿਸ਼ਚਿਤਤਾ ਨਾਲ ਜੂਝ ਰਿਹਾ ਹੈ, ਜਦਕਿ ਛੋਟੇ ਕਾਰੋਬਾਰੀ ਲਗਾਤਾਰ ਆਰਥਿਕ ਦਬਾਅ ਹੇਠ ਆਪਣਾ ਕਾਰੋਬਾਰ ਚਲਾਉਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਅੰਤਰਰਾਸ਼ਟਰੀ ਹਵਾਈ ਸੇਵਾਵਾਂ ਦੇ ਹੋਰ ਵਿਸਥਾਰ ਅਤੇ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਹਵਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਪੰਜਾਬ ਦੇ ਲੱਖਾਂ ਪਰਵਾਸੀ ਪੰਜਾਬੀ, ਵਿਦਿਆਰਥੀ, ਕਾਰੋਬਾਰੀ ਅਤੇ ਆਮ ਯਾਤਰੀ ਚਾਹੁੰਦੇ ਸਨ ਕਿ ਪ੍ਰਧਾਨ ਮੰਤਰੀ ਆਪਣੀ ਪੰਜਾਬ ਫੇਰੀ ਦੌਰਾਨ ਚੰਡੀਗੜ੍ਹ ਹਵਾਈ ਅੱਡੇ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਜਾਂ ਇਸ ਸਬੰਧੀ ਕੋਈ ਠੋਸ ਐਲਾਨ ਕਰਨ। ਜੇਕਰ ਪੰਜਾਬ ਨੂੰ ਇਸ ਸਬੰਧੀ ਕੋਈ ਵੱਡਾ ਤੋਹਫ਼ਾ ਮਿਲਦਾ ਤਾਂ ਲੋਕਾਂ ਨੂੰ ਇਹ ਮਹਿਸੂਸ ਹੁੰਦਾ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਕੋਈ ਅਹਿਮ ਸੌਗਾਤ ਦੇ ਕੇ ਗਏ ਹਨ। ਪਰ ਇਸ ਪਾਸੇ ਵੀ ਕੋਈ ਸਕਾਰਾਤਮਕ ਐਲਾਨ ਨਾ ਹੋਣ ਕਾਰਨ ਪੰਜਾਬ ਦੇ ਲੋਕਾਂ ਦੀ ਨਿਰਾਸ਼ਾ ਹੋਰ ਵਧੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਪੰਜਾਬ ਅਤੇ ਦੇਸ਼ ਦੇ ਅੰਨਦਾਤਾ ਦੀ ਭਲਾਈ ਚਾਹੁੰਦੀ ਹੈ ਤਾਂ ਇਸ ਦਾ ਪ੍ਰਗਟਾਵਾ ਸਿਰਫ਼ ਭਾਸ਼ਣਾਂ ਨਾਲ ਨਹੀਂ, ਸਗੋਂ ਠੋਸ ਨੀਤੀਆਂ ਅਤੇ ਫ਼ੈਸਲਿਆਂ ਰਾਹੀਂ ਹੋਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੂੰ ਭਰੋਸਿਆਂ ਦੀ ਨਹੀਂ, ਸਗੋਂ ਅਮਲੀ ਕਦਮਾਂ ਦੀ ਲੋੜ ਹੈ। ਲੱਖੋਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਮੁੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਆਉਣ ਵਾਲੀ ਮੀਟਿੰਗ ਵਿੱਚ ਪੂਰੀ ਗੰਭੀਰਤਾ ਨਾਲ ਉਠਾਏਗੀ। ਮੀਟਿੰਗ ਵਿੱਚ ਸਾਰੇ ਸਾਥੀ ਕਿਸਾਨ ਸੰਗਠਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਜੇਕਰ ਕੇਂਦਰ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਸੁਣਿਆ ਕਰਦੀ ਰਹੀ ਤਾਂ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀਆਂ ਉਮੀਦਾਂ ਅਤੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਸਰਕਾਰ ਲਈ ਠੀਕ ਨਹੀਂ ਹੁੰਦਾ। ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਅੱਗੇ ਵੀ ਰਹਿਣਗੇ। ਆਉਣ ਵਾਲੇ ਸਮੇਂ ਵਿੱਚ ਲੋਕ ਆਪਣੇ ਤਜ਼ਰਬਿਆਂ ਦੇ ਆਧਾਰ 'ਤੇ ਲੋਕਤੰਤਰੀ ਢੰਗ ਨਾਲ ਆਪਣਾ ਫ਼ੈਸਲਾ ਦੇਣਗੇ।

Comments
Post a Comment