ਬਲਬੀਰ ਸਿੰਘ ਸਿੱਧੂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਸੈਂਕੜੇ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ
ਐਸ.ਏ.ਐਸ 20 ਜੁਲਾਈ ( ਰਣਜੀਤ ਧਾਲੀਵਾਲ ) : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਤੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਜੁਝਾਰ ਨਗਰ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਲੋਕ-ਭਲਾਈ ਦੀ ਰਾਜਨੀਤੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਜਿਸ ਬਦਲਾਅ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ ਸਨ, ਅੱਜ ਉਹੀ ਲੋਕ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸੇ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਵਿਕਾਸ ਕਾਰਜ ਠੱਪ ਹੋ ਚੁੱਕੇ ਹਨ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਕਿਸਾਨ, ਵਪਾਰੀ ਤੇ ਆਮ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਝੂਠੇ ਦਾਅਵਿਆਂ ਵਿੱਚ ਰੁੱਝੀ ਹੋਈ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਭਗ ਠੱਪ ਹੋ ਚੁੱਕੇ ਹਨ। ਸੜਕਾਂ ਦੀ ਖਸਤਾ ਹਾਲਤ, ਸੀਵਰੇਜ ਦੀਆਂ ਸਮੱਸਿਆਵਾਂ, ਸਫ਼ਾਈ ਪ੍ਰਬੰਧਾਂ ਦੀ ਨਾਕਾਮੀ, ਸਿਹਤ ਸੇਵਾਵਾਂ ਦੀ ਬਦਹਾਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵਾਰ-ਵਾਰ ਮੁੱਦੇ ਉਠਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਬਾਜ਼ੀ ਅਤੇ ਝੂਠੀ ਵਾਹ-ਵਾਹੀ ਲੈਣ ਤੱਕ ਸੀਮਤ ਰਹਿ ਗਿਆ ਹੈ, ਜਦਕਿ ਜ਼ਮੀਨੀ ਪੱਧਰ 'ਤੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਕੋਈ ਗੰਭੀਰ ਕਦਮ ਨਹੀਂ ਚੁੱਕੇ ਜਾ ਰਹੇ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਲੋਕ ਸੇਵਾ, ਵਿਕਾਸ ਅਤੇ ਜਨ-ਭਲਾਈ ਦੀ ਰਾਜਨੀਤੀ ਨਾਲ ਜੁੜਿਆ ਰਿਹਾ ਹੈ। ਆਪਣੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ, ਉਦਯੋਗ ਅਤੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਫ਼ੈਸਲੇ ਅਤੇ ਵਿਕਾਸ ਕਾਰਜ ਕੀਤੇ। ਅੱਜ ਵੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਜਨਤਾ ਦਾ ਭਰੋਸਾ ਮੁੜ ਕਾਂਗਰਸ ਵਿੱਚ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਉਹ ਪਾਰਟੀ ਹੈ ਜੋ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਦਿਆਂ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ। ਇਸ ਮੌਕੇ ਮੋਹਾਲੀ ਦੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸ. ਮੁਖਤਿਆਰ ਸਿੰਘ (ਜੁਝਾਰ ਨਗਰ), ਸ. ਕਸ਼ਮੀਰ ਸਿੰਘ (ਜੁਝਾਰ ਨਗਰ), ਸ. ਸਰਬਜੀਤ ਸਿੰਘ ਭੱਲਾ (ਜੁਝਾਰ ਨਗਰ), ਪੰਚ ਪੁਲਕੀਤ (ਜੁਝਾਰ ਨਗਰ), ਰਾਮਾ ਸ਼ੰਕਰ (ਜੁਝਾਰ ਨਗਰ), ਮੁਹੰਮਦ ਅਫ਼ਜ਼ਲ (ਜੁਝਾਰ ਨਗਰ), ਪਵਨ ਵਿੱਜ (ਜੁਝਾਰ ਨਗਰ), ਸੋਮੀਨ ਮੁਹੰਮਦ (ਜੁਝਾਰ ਨਗਰ), ਜਲਾਓਦੀਨ ਅਲੀ (ਝਾਂਮਪੁਰ), ਲੇਖ (ਝਾਂਮਪੁਰ), ਬਾਬੂ (ਜੁਝਾਰ ਨਗਰ), ਜਤਿੰਦਰ ਸਿੰਘ ਜੱਟ (ਝਾਂਮਪੁਰ), ਜੱਗੀ ਸਿੱਧੂ (ਜੁਝਾਰ ਨਗਰ), ਵਿਨੋਦ ਕੁਮਾਰ (ਝਾਂਮਪੁਰ), ਅਲਕਾ ਮਿਸ਼ਰਾ (ਜੁਝਾਰ ਨਗਰ), ਸੁਰਿੰਦਰ ਕੌਰ (ਜੁਝਾਰ ਨਗਰ), ਹਸ਼ੀਮ (ਜੁਝਾਰ ਨਗਰ) ਆਦਿ ਹਾਜ਼ਰ ਸਨ।

Comments
Post a Comment