ਮੁਲਾਜ਼ਮਾਂ-ਪੈਨਸ਼ਨਰਾਂ ਨੇ ਵਿਧਾਇਕ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
‘ਹੱਕ ਖੋਹਣੇ ਬੰਦ ਕਰੋ, ਵਾਅਦੇ ਪੂਰੇ ਕਰੋ’—17 ਜੁਲਾਈ ਦੀ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਦਾ ਸੱਦਾ
ਐਸ.ਏ.ਐਸ.ਨਗਰ 8 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨੇ ਸੂਬਾ ਪੱਧਰੀ ਸੰਘਰਸ਼ੀ ਪ੍ਰੋਗਰਾਮਾਂ ਤਹਿਤ ਅੱਜ ਜ਼ਿਲ੍ਹਾ ਮੁਹਾਲੀ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਗੁਰਵਿੰਦਰ ਸਿੰਘ ਚੰਡੀਗੜ੍ਹ, ਸੁਖਚੈਨ ਖਹਿਰਾ, ਕਰਤਾਰਪਾਲ ਸਿੰਘ, ਐਨ. ਕੇ. ਕਲਸੀ, ਸੁਸ਼ੀਲ ਕੁਮਾਰ ਫੌਜੀ, ਸੁਖਦੇਵ ਸੈਣੀ ਅਤੇ ਐਨ. ਡੀ. ਤਿਵਾੜੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਸੱਤਾ ਸੰਭਾਲਿਆਂ ਸਾਢੇ ਚਾਰ ਸਾਲ ਹੋਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਇੱਕ ਵੀ ਵੱਡਾ ਵਾਅਦਾ ਅਮਲੀ ਰੂਪ ਨਹੀਂ ਲੈ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪਿਛਲੇ ਤਨਖ਼ਾਹ ਕਮਿਸ਼ਨਾਂ ਵੱਲੋਂ ਦਿੱਤੇ ਲਾਭਾਂ ਅਤੇ ਸੰਘਰਸ਼ਾਂ ਰਾਹੀ ਪ੍ਰਾਪਤ ਹੱਕਾਂ ਨੂੰ ਵੀ ਖੋਹਣ ਦੇ ਰਾਹ ’ਤੇ ਚੱਲ ਰਹੀ ਹੈ।
ਆਗੂਆਂ ਨੇ ਕਿਹਾ ਕਿ ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ 37 ਭੱਤੇ ਬੰਦ ਕਰ ਦਿੱਤੇ ਗਏ ਹਨ, ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਅਜੇ ਵੀ ਅਧੂਰਾ ਹੈ, ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਵਿੱਤੀ ਹੱਕ ਲਗਾਤਾਰ ਲਟਕਾਏ ਜਾ ਰਹੇ ਹਨ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਬੁਲਾਰਿਆਂ ਨੇ ਐਲਾਨ ਕੀਤਾ ਕਿ 17 ਜੁਲਾਈ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਨਿਰਣਾਇਕ ਸ਼ਕਤੀ ਪ੍ਰਦਰਸ਼ਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਤੋਂ ਹੀ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਰੈਲੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਨੂੰ ਸਪੱਸ਼ਟ ਸੁਨੇਹਾ ਦੇਣਗੇ ਕਿ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹਰ ਹਾਲ ਵਿੱਚ ਅੰਜਾਮ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ, ਅਮਿਤ ਕਟੋਚ, ਸਾਹਿਲ ਸ਼ਰਮਾ, ਚਰਨਜੀਤ ਸਿੰਘ,ਗੂਰਬੀਰ ਸਿੰਘ,ਹਰਨੇਕ ਮਾਵੀ,ਵਰਿੰਦਰ ਕੁਮਾਰ,ਗੁਰਬਖ਼ਸ਼ ਸਿੰਘ, ਜਸਬੀਰ ਸਿੰਘ, ਅਵਰਿੰਦਰ ਸਿੰਘ, ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

Comments
Post a Comment