ਬਲਬੀਰ ਸਿੰਘ ਸਿੱਧੂ ਨੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ SIR ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਬਲਬੀਰ ਸਿੰਘ ਸਿੱਧੂ ਨੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ SIR ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਵੋਟਰ ਸੂਚੀ ਅਤੇ ਫਾਰਮ ਭਰਨ ਸਬੰਧੀ ਮਦਦ ਲਈ ਬਲਬੀਰ ਸਿੰਘ ਸਿੱਧੂ ਨੇ ਆਪਣਾ ਨਿੱਜੀ ਮੋਬਾਈਲ ਨੰਬਰ ਕੀਤਾ ਸਾਂਝਾ
ਐਸ.ਏ.ਐਸ.ਨਗਰ 7 ਜੁਲਾਈ ( ਰਣਜੀਤ ਧਾਲੀਵਾਲ ) : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ। ਸਿੱਧੂ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਵੋਟਰ ਕਾਰਡ ਰਾਹੀਂ ਹੀ ਹਰ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰ ਸਕਦਾ ਹੈ ਅਤੇ ਆਪਣੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰੀਸ਼ਦਾਂ, ਨਗਰ ਕੌਂਸਲਾਂ ਅਤੇ ਹੋਰ ਲੋਕਤੰਤਰੀ ਸੰਸਥਾਵਾਂ ਲਈ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਕਰ ਸਕਦਾ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਪੁਸ਼ਟੀ ਕਰਵਾਉਣੀ ਅਤੇ ਇਸ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਐਸਆਈਆਰ ਮੁਹਿੰਮ ਦਾ ਮਕਸਦ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕਰਨਾ ਹੈ ਤਾਂ ਜੋ ਕਿਸੇ ਵੀ ਯੋਗ ਨਾਗਰਿਕ ਦਾ ਵੋਟ ਦਾ ਹੱਕ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਬਿਹਾਰ, ਕਰਨਾਟਕ, ਮਹਾਰਾਸ਼ਟਰ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਤੋਂ ਬਚਣ ਲਈ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਬਲਬੀਰ ਸਿੰਘ ਸਿੱਧੂ ਨੇ ਖ਼ਾਸ ਤੌਰ 'ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ, ਕਾਰੋਬਾਰ ਜਾਂ ਹੋਰ ਰੁਝੇਵਿਆਂ ਦੇ ਬਾਵਜੂਦ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਐਸਆਈਆਰ (SIR) ਮੁਹਿੰਮ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਅੱਜ ਦੀ ਛੋਟੀ ਜਿਹੀ ਲਾਪਰਵਾਹੀ ਭਵਿੱਖ ਵਿੱਚ ਤੁਹਾਡੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਹਰ ਨੌਜਵਾਨ ਆਪਣੀ ਵੋਟ ਦੀ ਪੁਸ਼ਟੀ ਕਰਵਾਏ ਅਤੇ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜੇ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਲੋਕਤੰਤਰੀ ਹੱਕ ਤੋਂ ਵਾਂਝਾ ਨਾ ਰਹੇ।
ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਐਸਆਈਆਰ ਤਹਿਤ ਮੈਪਿੰਗ ਦਾ ਕੰਮ ਹਾਲੇ ਵੀ ਬਹੁਤ ਘੱਟ ਹੋਇਆ ਹੈ। ਮੈਂ ਹਲਕਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਐਸਆਈਆਰ ਮੁਹਿੰਮ ਦਾ ਹਿੱਸਾ ਬਣੋ, ਆਪਣੀ ਵੋਟ ਨੂੰ ਸੁਰੱਖਿਅਤ ਬਣਾਓ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੋ ਅਤੇ ਇਸੇ ਤਾਕਤ ਨਾਲ ਤੁਸੀਂ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆ ਸਕਦੇ ਹੋ। ਸਿੱਧੂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਲਈ ਘਰ-ਘਰ ਪਹੁੰਚ ਰਹੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਆਪਣੇ ਪਰਿਵਾਰ ਦੇ ਹਰ ਯੋਗ ਮੈਂਬਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ।
ਉਨ੍ਹਾਂ ਨੇ ਆਪਣਾ ਨਿੱਜੀ ਨੰਬਰ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਐਸਆਈਆਰ ਮੁਹਿੰਮ, ਵੋਟਰ ਸੂਚੀ ਜਾਂ ਫਾਰਮ ਭਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਨੰਬਰ 9872671010 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਅੰਤ ਵਿੱਚ ਸਿੱਧੂ ਨੇ ਕਿਹਾ ਕਿ ਆਪਣੀ ਵੋਟ ਦੀ ਰੱਖਿਆ ਕਰਨਾ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਆਓ, ਸਾਰੇ ਮਿਲ ਕੇ ਐਸਆਈਆਰ ਮੁਹਿੰਮ ਨੂੰ ਕਾਮਯਾਬ ਬਣਾਈਏ ਅਤੇ ਆਪਣੇ ਲੋਕਤੰਤਰੀ ਅਧਿਕਾਰਾਂ ਨੂੰ ਮਜ਼ਬੂਤ ਕਰੀਏ।

Comments
Post a Comment