ਆੰਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ 27 ਅਗਸਤ ਦੇ ਪੰਜਾਬ ਬੰਦ ਦਾ ਪੂਰਨ ਸਮਰਥਨ
ਚੰਡੀਗੜ੍ਹ 26 ਅਗਸਤ ( ਰਣਜੀਤ ਧਾਲੀਵਾਲ ) : ਆੰਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਪੱਧਰੀ ਮੀਟਿੰਗ ਵਿੱਚ 27 ਅਗਸਤ ਨੂੰ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅਮਰਿਤ ਪਾਲ ਕੌਰ, ਵਾਈਸ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਅਤੇ ਸੂਬਾ ਸਕੱਤਰ ਮੰਦੀਪ ਕੁਮਾਰੀ ਤੇ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਹੱਕੀ ਮੰਗਾਂ ਪ੍ਰਤੀ ਅਣਦੇਖੀ ਦੇ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਵੱਲੋਂ 27 ਅਗਸਤ ਨੂੰ ਕੀਤਾ ਜਾ ਰਿਹਾ ਸੰਘਰਸ਼ ਪੂਰੀ ਤਰ੍ਹਾਂ ਜਾਇਜ਼ ਹੈ।
ਆਗੂਆਂ ਨੇ ਕਿਹਾ ਕਿ ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਮੇਤ ਪੰਜਾਬ ਦੇ ਸਮੂਹ ਮੁਲਾਜ਼ਮ ਮਹਿੰਗਾਈ, ਘੱਟ ਮਾਣਭੱਤੇ/ਤਨਖ਼ਾਹਾਂ, ਰੁਜ਼ਗਾਰ ਦੀ ਅਸੁਰੱਖਿਆ ਅਤੇ ਆਪਣੇ ਹੱਕਾਂ 'ਤੇ ਹੋ ਰਹੇ ਹਮਲਿਆਂ ਤੋਂ ਪਰੇਸ਼ਾਨ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਮੁਲਾਜ਼ਮ ਅਤੇ ਮਜ਼ਦੂਰ ਵਰਗ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਦੂਜੇ ਪਾਸੇ, ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਲਗਾਤਾਰ ਵਾਧੂ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਤਾਬਕ ਉਚਿਤ ਮਾਣਭੱਤਾ ਅਤੇ ਸਮਾਜਿਕ ਸੁਰੱਖਿਆ ਨਹੀਂ ਦਿੱਤੀ ਜਾ ਰਹੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਹੱਕਾਂ ਦੀ ਲੜਾਈ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦੇ ਮੁਲਾਜ਼ਮ ਅਤੇ ਮਜ਼ਦੂਰ ਵਰਗ ਆਪਣੇ ਹੱਕਾਂ ਲਈ ਜਥੇਬੰਦ ਹੋ ਕੇ ਸੰਘਰਸ਼ ਕਰਦੇ ਰਹਿਣਗੇ। ਆੰਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਪੰਜਾਬ ਭਰ ਦੀਆਂ ਸਮੂਹ ਆੰਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਗਈ ਕਿ ਉਹ 27 ਅਗਸਤ ਦੇ ਪੰਜਾਬ ਬੰਦ ਅਤੇ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਆੰਗਣਵਾੜੀ ਵਰਕਰਾਂ-ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ, ਮਹਿੰਗਾਈ 'ਤੇ ਕਾਬੂ ਪਾਇਆ ਜਾਵੇ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਵਾਪਸ ਲਿਆ ਜਾਵੇ।

Comments
Post a Comment