ਗੋ ਗ੍ਰੀਨ ਡਰਾਈਵ: ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਚੱਲੇਗਾ ਦੋ ਰੋਜ਼ਾ ਵਾਤਾਵਰਣ ਜਾਗਰੂਕਤਾ ਅਭਿਆਨ
ਚੰਡੀਗੜ੍ਹ 20 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨਾਲ 22 ਅਤੇ 23 ਅਗਸਤ ਨੂੰ ਦੋ ਰੋਜ਼ਾ ‘ਗੋ ਗ੍ਰੀਨ ਡਰਾਈਵ’ ਅਭਿਆਨ ਚਲਾਇਆ ਜਾਵੇਗਾ। ਇਸ ਅਭਿਆਨ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਅਭਿਆਨ ਦੀ ਜ਼ਿਲ੍ਹਾ ਪੱਧਰ ’ਤੇ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਗਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਵਾਤਾਵਰਣ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਸੋਸ਼ਲ ਜਸਟਿਸ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਨੇ ਦੱਸਿਆ ਕਿ ਇਸ ਅਭਿਆਨ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਲਗਾਏ ਗਏ ਪੌਦਿਆਂ ਦੀ ਨਿਯਮਤ ਸੰਭਾਲ ਲਈ ਵੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਇਸ ਦਿਸ਼ਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅਭਿਆਨ ਦੌਰਾਨ ਸਥਾਨਕ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਨਾਲ ਜੋੜ ਕੇ ਪੌਦੇ ਲਗਾਉਣ ਅਤੇ ਵਾਤਾਵਰਣ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ। ਇਸ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਹਰਿਆਲੀ ਵਧਾਉਣ ਅਤੇ ਕੁਦਰਤ ਦੀ ਸੰਭਾਲ ਦਾ ਸੰਦੇਸ਼ ਪਹੁੰਚਾਇਆ ਜਾਵੇਗਾ।

Comments
Post a Comment