ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੇ ਪੰਜਾਬ ਵਿੱਚ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਪ੍ਰਦਰਸ਼ਨ
ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕਰਨ ਅਤੇ ਹੋਰ ਮੰਗਾਂ ਸਬੰਧੀ ਦਿੱਤੇ ਮੰਗ ਪੱਤਰ
ਸਾਰੀਆਂ ਫਸਲਾਂ ਦੀ ਐਮ ਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਦੀ ਕੀਤੀ ਮੰਗ
ਚਾਰ ਲੇਬਰ ਕੋਡ ਰੱਦ ਕਰਨ ਅਤੇ ਮਗਨਰੇਗਾ ਕਾਨੂੰਨ ਬਹਾਲ ਕਰਨ ਲਈ ਉਠਾਈ ਆਵਾਜ਼
ਚੰਡੀਗੜ੍ਹ 10 ਅਗਸਤ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 'ਅੰਗਰੇਜੋ - ਭਾਰਤ ਛੱਡੋ" ਦਿਵਸ ਦੀ 84ਵੀਂ ਵਰ੍ਹੇ ਗੰਢ ਤੇ 10 ਅਗਸਤ ਨੂੰ ਸਾਰੇ ਭਾਰਤ ਵਿੱਚ 'ਕਾਰਪੋਰੇਟੋ- ਭਾਰਤ ਛੱਡੋ' ਦਿਨ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੀ ਕੜੀ ਵਿੱਚ ਅੱਜ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲਾ ਅਤੇ ਤਹਿਸੀਲ ਕੇਂਦਰਾਂ ਤੇ ਕਿਸਾਨਾਂ ਮਜ਼ਦੂਰਾਂ ਨੇ ਪ੍ਰਦਰਸ਼ਨ ਕੀਤੇ ਅਤੇ ਮੰਗ ਪੱਤਰ ਦਿੱਤੇ। ਕਿਸਾਨਾਂ ਮਜ਼ਦੂਰਾਂ ਨੇ ਮੰਗ ਕੀਤੀ ਕਿ ਭਾਰਤ ਅਮਰੀਕਾ ਵਿਚਕਾਰ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਬੰਦ ਕੀਤੀ ਜਾਵੇ, ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+ 50% ਦੇ ਹਿਸਾਬ ਨਾਲ ਐਮਐਸਪੀ ਮਿਥੀ ਜਾਵੇ ਅਤੇ ਇਸ ਰੇਟ ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਉਹਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਚੜ੍ਹਿਆ ਹੈ, ਇਸ ਲਈ ਉਹਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੇ ਘੱਟੋ ਘੱਟ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਵੱਖ ਵੱਖ ਥਾਵਾਂ ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਚਾਰ ਲੇਬਰ ਕੋਡ ਰੱਦ ਕਰਨ ਅਤੇ ਮਗਨਰੇਗਾ ਕਾਨੂੰਨ ਬਹਾਲ ਕਰਨ ਦੀ ਮੰਗ ਕੀਤੀ।
ਉਹਨਾਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਸਾਲ ਵਿੱਚ ਘੱਟੋ ਘੱਟ 200 ਦਿਨ ਦੀ ਦਿਹਾੜੀ ਦੇਣੀ ਚਾਹੀਦੀ ਹੈ ਅਤੇ ਦਿਹਾੜੀ ਦਾ ਰੇਟ ਘੱਟੋ ਘੱਟ 700 ਰੁਪਏ ਮਿਥਿਆ ਜਾਵੇ। ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ ਦੀ ਮੰਗ ਕੀਤੀ ਗਈ। ਦਰਿਆਵਾਂ, ਨਹਿਰਾਂ ਅਤੇ ਪਾਣੀ ਦੇ ਹੋਰ ਸਰੋਤਾਂ ਵਿੱਚ ਫੈਕਟਰੀਆਂ ਅਤੇ ਸ਼ਹਿਰਾਂ ਦਾ ਗੰਦਾ ਪਾਣੀ ਪਾਉਣਾ ਬੰਦ ਕਰਕੇ ਪਾਣੀ ਪ੍ਰਦੂਸ਼ਤ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਜਲ ਸੋਧ ਐਕਟ ਰੱਦ ਕਰਨ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜਬਰੀ ਜ਼ਮੀਨ ਅਕੁਆਇਰ ਕਰਨ ਦਾ ਸਖਤ ਵਿਰੋਧ ਕਰੇਗਾ।
ਵੱਖ ਵੱਖ ਥਾਵਾਂ ਤੇ ਇਹਨਾਂ ਇਕੱਠਾਂ ਨੂੰ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ , ਮਨਜੀਤ ਸਿੰਘ ਧਨੇਰ , ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ , ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਡਾਕਟਰ ਦਰਸ਼ਨ ਪਾਲ, ਗੁਰਨਾਮ ਸਿੰਘ ਭੀਖੀ, ਹਰਭਜਨ ਸਿੰਘ ਬੁੱਟਰ, ਡਾ: ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਮੀਤ ਸਿੰਘ ਕਾਦੀਆਂ, ਫਰਮਾਨ ਸਿੰਘ ਸੰਧੂ, ਬਲਵਿੰਦਰ ਸਿੰਘ ਰਾਜੂ ਔਲਖ, ਪ੍ਰੇਮ ਸਿੰਘ ਭੰਗੂ, ਕਿਰਨਜੀਤ ਸਿੰਘ ਸੇਖੋ, ਰਘਵੀਰ ਸਿੰਘ ਮਿਹਰਵਾਲ , ਜਸਕਰਨ ਸਿੰਘ ਗੋਲੇ ਵਾਲਾ, ਮੇਜਰ ਸਿੰਘ ਭਿੱਖੀ ਵਿੰਡ , ਮਲੂਕ ਸਿੰਘ ਹੀਰ ਕੇ, ਬੂਟਾ ਸਿੰਘ ਸ਼ਾਦੀਪੁਰ, ਹਰਜਿੰਦਰ ਸਿੰਘ ਟਾਂਡਾ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਦਿਲਬਾਗ ਸਿੰਘ ਡਾਲੇ ਕੇ ਤੋਂ ਇਲਾਵਾ ਵੱਖ ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

Comments
Post a Comment