ਸਟਾਰ ਪਬਲਿਕ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਨੇ ਮੋਹਿਆ ਮਨ, ਦੇਸ਼ਭਗਤੀ ਭਰਪੂਰ ਪੇਸ਼ਕਾਰੀਆਂ ਨੇ ਲੁੱਟੀਆਂ ਵਾਹਵਾਹੀਆਂ
ਐਸ.ਏ.ਐਸ.ਨਗਰ 16 ਅਗਸਤ ( ਰਣਜੀਤ ਧਾਲੀਵਾਲ ) : ਮੋਹਾਲੀ ਦੇ ਸੈਕਟਰ-69 ਸਥਿਤ ਸਟਾਰ ਪਬਲਿਕ ਸਕੂਲ ਵਿੱਚ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਦੇ ਕੇ ਖੂਬ ਵਾਹਵਾਹੀ ਖੱਟੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਅਤੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਦੇ ਸੰਘਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੱਸਿਆ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਸਾਡੇ ਆਜ਼ਾਦੀ ਘੁਲਾਟੀਆਂ ਨੇ ਕਿਸ ਤਰ੍ਹਾਂ ਸੰਘਰਸ਼ ਕੀਤਾ ਅਤੇ ਕੁਰਬਾਨੀਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕੇ.ਕੇ. ਚੌਧਰੀ ਅਤੇ ਪ੍ਰਿੰਸੀਪਲ ਵੀਨਾ ਚੌਧਰੀ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਬੱਚਿਆਂ ਨੂੰ ਮਹਾਨ ਆਜ਼ਾਦੀ ਘੁਲਾਟੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਪੇਸ਼ਕਾਰੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਲਈ ਰਿਫਰੈਸ਼ਮੈਂਟ ਅਤੇ ਮਠਿਆਈਆਂ ਦਾ ਵੀ ਪ੍ਰਬੰਧ ਕੀਤਾ ਗਿਆ, ਜਿਸ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ।ਪੂਰੇ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਆਜ਼ਾਦੀ ਦਿਵਸ ਨੂੰ ਉਤਸ਼ਾਹ, ਖੁਸ਼ੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਮਨਾਇਆ।

Comments
Post a Comment