ਬ੍ਰਿਕਸ ਵਫ਼ਦ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ, ਵਪਾਰ ਵਧਾਉਣ ਲਈ ਜਲਦ ਹੋਵੇਗਾ ਐਮਓਯੂ
ਬ੍ਰਿਕਸ ਵਫ਼ਦ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ, ਵਪਾਰ ਵਧਾਉਣ ਲਈ ਜਲਦ ਹੋਵੇਗਾ ਐਮਓਯੂ
ਚੰਡੀਗੜ੍ਹ 6 ਅਗਸਤ ( ਰਣਜੀਤ ਧਾਲੀਵਾਲ ) : ਬ੍ਰਿਕਸ (BRICS) ਦੇ ਵਫ਼ਦ ਨੇ ਦੀਪਕ ਸ਼ੁਕਲਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜੈ ਬੰਗੜ ਅਤੇ ਰਾਘਵ ਸ਼ੁਕਲਾ ਵੀ ਸ਼ਾਮਲ ਸਨ। ਮੁਲਾਕਾਤ ਦੌਰਾਨ ਪੰਜਾਬ ਅਤੇ ਬ੍ਰਿਕਸ ਦੇਸ਼ਾਂ ਵਿਚਕਾਰ ਵਪਾਰਕ ਅਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ, ਸੂਬੇ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਦੀਪਕ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬ੍ਰਿਕਸ ਵਿਚਕਾਰ ਨਿਰਯਾਤ-ਆਯਾਤ ਨੂੰ ਪ੍ਰੋਤਸਾਹਨ ਦੇਣ, ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਬਾਜ਼ਾਰ ਨਾਲ ਜੋੜਨ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜਲਦ ਹੀ ਇੱਕ ਸਮਝੌਤਾ ਯਾਦਦਾਸ਼ਤ (ਐਮਓਯੂ) ’ਤੇ ਦਸਤਖ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਐਮਓਯੂ ਨਾਲ ਪੰਜਾਬ ਦੇ ਖੇਤੀਬਾੜੀ, ਐਮਐਸਐਮਈ ਅਤੇ ਉਦਯੋਗਿਕ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਨਵੀਂ ਪਛਾਣ ਮਿਲੇਗੀ ਅਤੇ ਵਿਦੇਸ਼ੀ ਨਿਵੇਸ਼ ਅਤੇ ਵਪਾਰਕ ਸਹਿਯੋਗ ਦੇ ਨਵੇਂ ਰਸਤੇ ਖੁੱਲ੍ਹਣਗੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗ, ਵਪਾਰ ਅਤੇ ਨਿਰਯਾਤ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਲਈ ਵਿਸ਼ਵ ਪੱਧਰੀ ਸੰਸਥਾਵਾਂ ਨਾਲ ਸਹਿਯੋਗ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਸਤਾਵਿਤ ਸਮਝੌਤਾ ਸੂਬੇ ਦੇ ਆਰਥਿਕ ਵਿਕਾਸ ਅਤੇ ਰੁਜ਼ਗਾਰ ਸਿਰਜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Comments
Post a Comment