ਪੰਜਾਬ ਵਿੱਚ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਵਾਲ, ਸਨਾਤਨ ਸੈਨਾ ਪ੍ਰਧਾਨ ਨੂੰ ਧਮਕੀ ਤੋਂ ਬਾਅਦ ਘੇਰਨ ਦੀ ਕੋਸ਼ਿਸ਼ ਦਾ ਦੋਸ਼
ਪੰਜਾਬ ਵਿੱਚ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਵਾਲ, ਸਨਾਤਨ ਸੈਨਾ ਪ੍ਰਧਾਨ ਨੂੰ ਧਮਕੀ ਤੋਂ ਬਾਅਦ ਘੇਰਨ ਦੀ ਕੋਸ਼ਿਸ਼ ਦਾ ਦੋਸ਼
ਚੰਡੀਗੜ੍ਹ 28 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਦੇ ਦੋਸ਼ਾਂ ਵਿਚਕਾਰ ਰਾਸ਼ਟਰੀ ਸਨਾਤਨ ਸੈਨਾ ਭਾਰਤ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਰੋਹਿਤ ਸ਼ਰਮਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਰੋਹਿਤ ਸ਼ਰਮਾ ਮੁਤਾਬਕ ਕਰੀਬ 10 ਦਿਨ ਪਹਿਲਾਂ ਉਨ੍ਹਾਂ ਨੂੰ ਜਰਮਨੀ ਤੋਂ ਆਡੀਓ ਸੁਨੇਹੇ ਰਾਹੀਂ ਪੰਜਾਬ ਛੱਡ ਕੇ ਜਾਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਬੀਤੀ ਰਾਤ ਕਰੀਬ 1 ਵਜੇ ਜਦੋਂ ਉਹ ਚੰਡੀਗੜ੍ਹ ਤੋਂ ਜ਼ੀਰਕਪੁਰ ਸਥਿਤ ਆਪਣੇ ਘਰ ਜਾ ਰਹੇ ਸਨ ਤਾਂ ਰਸਤੇ ਵਿੱਚ ਕੁਝ ਲੋਕਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਸੇ ਤਰ੍ਹਾਂ ਕਾਰ ਤੇਜ਼ ਚਲਾ ਕੇ ਉੱਥੋਂ ਨਿਕਲਦਿਆਂ ਆਪਣੇ ਘਰ ਪਹੁੰਚ ਕੇ ਆਪਣੀ ਜਾਨ ਬਚਾਈ।
ਸ਼ਰਮਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸਵੇਰੇ ਉਨ੍ਹਾਂ ਨੇ ਮੋਹਾਲੀ ਪੁਲਿਸ ਕੋਲ ਸੁਰੱਖਿਆ ਦੀ ਮੰਗ ਕੀਤੀ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਸੁਰੱਖਿਆ ਦੇਣ ਦੀ ਬਜਾਏ ਕਥਿਤ ਤੌਰ ’ਤੇ ਉਨ੍ਹਾਂ ਨੂੰ ਪੰਜਾਬ ਛੱਡ ਕੇ ਜਾਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸੇ ਨਾਗਰਿਕ ਨੂੰ ਆਪਣੇ ਹੀ ਸੂਬੇ ਵਿੱਚ ਸੁਰੱਖਿਆ ਦਾ ਡਰ ਹੋਵੇ ਅਤੇ ਧਮਕੀਆਂ ਮਿਲਣ ਤੋਂ ਬਾਅਦ ਉਸਨੂੰ ਘਰ ਛੱਡਣ ਦੀ ਸਲਾਹ ਦਿੱਤੀ ਜਾਵੇ ਤਾਂ ਆਖਿਰ ਉਹ ਜਾਵੇ ਕਿੱਥੇ? ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇੱਕ ਪਾਸੇ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਨ ਦੇ ਦਾਅਵੇ ਕਰਦੀ ਰਹੀ ਹੈ, ਦੂਜੇ ਪਾਸੇ ਸਮਾਜ ਸੇਵਾ ਨਾਲ ਜੁੜੇ ਇੱਕ ਆਗੂ ਨੂੰ ਸੂਬਾ ਛੱਡਣ ਦੀ ਸਲਾਹ ਦਿੱਤੇ ਜਾਣ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

Comments
Post a Comment