ਸੁਰੱਖਿਆ ਬਹਾਲ ਕਰਨ ਦੀ ਮੰਗ, 30 ਅਗਸਤ ਨੂੰ ਮੋਹਾਲੀ ਤੋਂ ਮੁੱਖ ਮੰਤਰੀ ਨਿਵਾਸ ਤੱਕ ਤ੍ਰਿਸ਼ੂਲ ਮਾਰਚ ਕੱਢਣ ਦਾ ਐਲਾਨ
ਐਸ.ਏ.ਐਸ.ਨਗਰ 10 ਅਗਸਤ ( ਰਣਜੀਤ ਧਾਲੀਵਾਲ ) : ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਕੁਮਾਰ ਗੁਪਤਾ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਸੰਗਠਨ ਦੇ ਆਗੂਆਂ ਨੇ ਸਰਕਾਰ ਤੋਂ ਇਸ ਫੈਸਲੇ ’ਤੇ ਮੁੜ ਵਿਚਾਰ ਕਰਦਿਆਂ ਪਵਨ ਕੁਮਾਰ ਗੁਪਤਾ ਦੀ ਸੁਰੱਖਿਆ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਮੋਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬੀ.ਐਨ. ਗਿਰੀ, ਮਹਿਲਾ ਜ਼ਿਲ੍ਹਾ ਪ੍ਰਧਾਨ ਕਿਰਨ ਜੈਨ, ਜ਼ਿਲ੍ਹਾ ਇੰਚਾਰਜ ਅਖਿਲੇਸ਼ ਸਿੰਘ, ਜ਼ਿਲ੍ਹਾ ਚੇਅਰਮੈਨ ਅਸ਼ਵਨੀ ਚੌਧਰੀ, ਸਕੱਤਰ ਸਤਿੰਦਰ ਕੁਮਾਰ ਅਤੇ ਵਪਾਰ ਮੰਡਲ ਪ੍ਰਧਾਨ ਜ਼ਿਲ੍ਹਾ ਮੋਹਾਲੀ ਦੀਪਕ ਜੈਨ ਸਮੇਤ ਹੋਰ ਕਾਰਕੁਨ ਮੌਜੂਦ ਰਹੇ।
ਆਗੂਆਂ ਨੇ ਕਿਹਾ ਕਿ ਪਵਨ ਕੁਮਾਰ ਗੁਪਤਾ ਵੱਲੋਂ ਲੰਬੇ ਸਮੇਂ ਤੋਂ ਹਿੰਦੂ ਸਮਾਜ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਰਿਹਾ ਹੈ। ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿਵਾਉਣਾ, ਧਾਰਮਿਕ ਸਥਾਨਾਂ ਦਾ ਵਿਕਾਸ, ਹਿੰਦੂ ਮੰਦਰਾਂ ਦੀ ਸੁਰੱਖਿਆ ਅਤੇ ਗਊ ਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਸ਼ਾਮਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਵਨ ਕੁਮਾਰ ਗੁਪਤਾ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ’ਤੇ ਮੁੜ ਵਿਚਾਰ ਨਾ ਕੀਤਾ ਗਿਆ ਤਾਂ 30 ਅਗਸਤ ਨੂੰ ਮੋਹਾਲੀ ਤੋਂ ਮੁੱਖ ਮੰਤਰੀ ਨਿਵਾਸ ਤੱਕ ਵਿਸ਼ਾਲ ਤ੍ਰਿਸ਼ੂਲ ਮਾਰਚ ਕੱਢਿਆ ਜਾਵੇਗਾ। ਸੰਗਠਨ ਦੇ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗੱਲਬਾਤ ਰਾਹੀਂ ਮਾਮਲੇ ਦਾ ਹੱਲ ਕੱਢਿਆ ਜਾਵੇ ਅਤੇ ਪਵਨ ਕੁਮਾਰ ਗੁਪਤਾ ਦੀ ਸੁਰੱਖਿਆ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ।

Comments
Post a Comment