AAP ਨੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਧੋਖਾ, ਮੋਦੀ ਸਰਕਾਰ ਨੇ ਦਿੱਤਾ ਹਰ ਸੰਭਵ ਸਹਿਯੋਗ : ਤਰੁਣ ਚੁਗ
“ਹਰਿਆਣਾ ਵਾਂਗ ਪੰਜਾਬ ਵਿੱਚ ਵੀ ਕਿਸਾਨਾਂ ਨੂੰ MSP ਦਾ ਲਾਭ ਦੇਣ ਵਿੱਚ AAP ਸਰਕਾਰ ਨਾਕਾਮ”
ਚੰਡੀਗੜ੍ਹ 3 ਸਤੰਬਰ ( ਰਣਜੀਤ ਧਾਲੀਵਾਲ ) : ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਅਤੇ ਆਗੂਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇਣ ਦਾ ਫੈਸਲਾ ਭਗਵੰਤ ਮਾਨ ਸਰਕਾਰ ਦੀ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਨਾਕਾਮੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵਾਰ-ਵਾਰ ਸੜਕਾਂ ’ਤੇ ਉਤਰਨਾ ਇਸ ਗੱਲ ਦਾ ਸਬੂਤ ਹੈ ਕਿ AAP ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ।
ਤਰੁਣ ਚੁਗ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ MSP ’ਤੇ ਸਰਕਾਰੀ ਖਰੀਦ ਦੀ ਮੰਗ ਕਰ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਫਸਲਾਂ ਨੂੰ ਲਾਹੇਵੰਦ ਕੀਮਤ ਤੋਂ ਘੱਟ ’ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੋਰਚੇ ਵੱਲੋਂ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਦੀ ਪੂਰੀ ਕਰਜ਼ਾ ਮੁਆਫ਼ੀ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਗਾਂ ਭਗਵੰਤ ਮਾਨ ਸਰਕਾਰ ਦੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ। ਉਨ੍ਹਾਂ ਕਿਹਾ ਕਿ AAP ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਵਾਰ-ਵਾਰ ਅੰਦੋਲਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅੱਜ ਕਿਸਾਨ MSP ’ਤੇ ਸਰਕਾਰੀ ਖਰੀਦ, ਕਰਜ਼ੇ ਤੋਂ ਮੁਕਤੀ ਅਤੇ ਫਸਲਾਂ ਦੇ ਨੁਕਸਾਨ ਤੋਂ ਸੁਰੱਖਿਆ ਵਰਗੀਆਂ ਆਪਣੀਆਂ ਬੁਨਿਆਦੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।
ਤਰੁਣ ਚੁਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ MSP ਵਿੱਚ ਲਗਾਤਾਰ ਵਾਧਾ ਕਰਕੇ, PM-KISAN ਰਾਹੀਂ ਆਰਥਿਕ ਸਹਾਇਤਾ ਦੇ ਕੇ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਰਾਹੀਂ ਫਸਲਾਂ ਦੇ ਨੁਕਸਾਨ ਦੇ ਖਤਰੇ ਤੋਂ ਕਿਸਾਨਾਂ ਨੂੰ ਸੁਰੱਖਿਆ ਦਿੱਤੀ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਾਗੂ ਹੈ, ਜਦਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਯੋਜਨਾ ਨੂੰ ਸੂਬੇ ਵਿੱਚ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਫਰਕ ਬਿਲਕੁਲ ਸਪੱਸ਼ਟ ਹੈ। ਹਰਿਆਣਾ ਦੀ ਭਾਜਪਾ ਸਰਕਾਰ 24 ਫਸਲਾਂ ਦੀ MSP ’ਤੇ ਖਰੀਦ ਯਕੀਨੀ ਬਣਾ ਰਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਕਿਸਾਨ MSP ’ਤੇ ਪ੍ਰਭਾਵਸ਼ਾਲੀ ਸਰਕਾਰੀ ਖਰੀਦ ਦੀ ਮੰਗ ਨੂੰ ਲੈ ਕੇ AAP ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇਣ ਲਈ ਮਜਬੂਰ ਹਨ। ਇਸ ਤੋਂ ਸਪੱਸ਼ਟ ਹੈ ਕਿ ਸਮੱਸਿਆ MSP ਪ੍ਰਣਾਲੀ ਵਿੱਚ ਨਹੀਂ, ਸਗੋਂ ਪੰਜਾਬ ਸਰਕਾਰ ਦੀ ਨੀਅਤ ਅਤੇ ਨੀਤੀਆਂ ਵਿੱਚ ਹੈ।
ਤਰੁਣ ਚੁਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ MSP, ਸਿੱਧੀ ਆਰਥਿਕ ਸਹਾਇਤਾ ਅਤੇ ਫਸਲ ਬੀਮਾ ਰਾਹੀਂ ਕਿਸਾਨਾਂ ਨੂੰ ਸੁਰੱਖਿਆ ਦੇ ਰਹੇ ਹਨ, ਜਦਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਭਰੋਸਿਆਂ ਅਤੇ ਇਸ਼ਤਿਹਾਰਬਾਜ਼ੀ ਤੋਂ ਇਲਾਵਾ ਕੁਝ ਨਹੀਂ ਦੇ ਰਹੀ। ਪੰਜਾਬ ਦੇ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ AAP ਤੋਂ ਪੁੱਛਣ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਲਈ ਅਸਲ ਵਿੱਚ ਕੀਤਾ ਕੀ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਦੇ ਕਿਸਾਨਾਂ ਨੂੰ ਹੁਣ ਹੋਰ ਵਾਅਦੇ ਜਾਂ ਇਸ਼ਤਿਹਾਰਬਾਜ਼ੀ ਨਹੀਂ ਚਾਹੀਦੀ। ਉਨ੍ਹਾਂ ਨੂੰ ਆਪਣੀ ਫਸਲ ਦੀ MSP ’ਤੇ ਖਰੀਦ, ਕਰਜ਼ੇ ਤੋਂ ਰਾਹਤ ਅਤੇ ਫਸਲਾਂ ਦੇ ਨੁਕਸਾਨ ਤੋਂ ਸੁਰੱਖਿਆ ਚਾਹੀਦੀ ਹੈ।

Comments
Post a Comment