‘ਗੁਰੂ-ਦੋਖੀ’ ਭਗਵੰਤ ਮਾਨ ਦੇ ਰਾਜ ਵਿੱਚ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ : ਤਰੁਣ ਚੁਗ
ਡਿਊਟੀ ਦੌਰਾਨ ASI ਹਰਜੀਤ ਸਿੰਘ ਦੀ ਹੱਤਿਆ ਨੇ ਪੰਜਾਬ ਵਿੱਚ ਪੁਲਿਸ ਅਤੇ ਆਮ ਲੋਕਾਂ ਦੀ ਸੁਰੱਖਿਆ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ
ਨਸ਼ਾ, ਦਹਿਸ਼ਤ, ਡਰ ਅਤੇ ਫਿਰੌਤੀ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਲਈ ਭਾਜਪਾ ਦੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਲੋਕ ਲਹਿਰ ਬਣਨਗੀਆਂ
ਚੰਡੀਗੜ੍ਹ/ਅੰਮ੍ਰਿਤਸਰ 18 ਸਤੰਬਰ ( ਰਣਜੀਤ ਧਾਲੀਵਾਲ ) : ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਹਰਜੀਤ ਸਿੰਘ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਪ੍ਰਭਾਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਪੀੜਾਦਾਇਕ ਹੈ। ਡਿਊਟੀ ’ਤੇ ਤਾਇਨਾਤ ਇੱਕ ਵਰਦੀਧਾਰੀ ਪੁਲਿਸ ਅਧਿਕਾਰੀ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾਣਾ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਗੰਭੀਰ ਤਸਵੀਰ ਪੇਸ਼ ਕਰਦਾ ਹੈ। ASI ਹਰਜੀਤ ਸਿੰਘ ’ਤੇ ਭਗਤਾਂਵਾਲਾ ਅਨਾਜ ਮੰਡੀ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਤਰੁਣ ਚੁਗ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾ ਕੇ ਕਈ ਹਮਲੇ ਹੋ ਚੁੱਕੇ ਹਨ। ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ ਹੋਏ ਹਨ, ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਪੰਜਾਬ ਪੁਲਿਸ ਮੁੱਖ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਵੀ ਹੋ ਚੁੱਕਾ ਹੈ। ਅਜਿਹੀਆਂ ਘਟਨਾਵਾਂ ਪੰਜਾਬ ਪੁਲਿਸ ਦੇ ਮਨੋਬਲ ਅਤੇ ਸਰਹੱਦੀ ਸੂਬੇ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰਦੀਆਂ ਹਨ।
ਚੁਗ ਨੇ ਕਿਹਾ ਕਿ ਸਰਹੱਦੀ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ’ਤੇ ਵਾਰ-ਵਾਰ ਹੋ ਰਹੇ ਹਮਲੇ ਸਿਰਫ਼ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਸੂਬੇ ਦੀ ਅੰਦਰੂਨੀ ਸੁਰੱਖਿਆ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਸਰਕਾਰ ਨਸ਼ੇ, ਗੈਂਗਸਟਰਵਾਦ, ਫਿਰੌਤੀ ਅਤੇ ਹਿੰਸਕ ਅਪਰਾਧਾਂ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਜਦੋਂ ਵਰਦੀ ਪਹਿਨੇ ਪੁਲਿਸ ਅਧਿਕਾਰੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਪੰਜਾਬੀ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਐਲਾਨਾਂ ਅਤੇ ਸਿਆਸੀ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨ ’ਤੇ ਮਜ਼ਬੂਤ ਪੁਲਿਸਿੰਗ, ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕਾਨੂੰਨ ਦੇ ਰਾਜ ਦੀ ਲੋੜ ਹੈ। ਪੰਜਾਬ ਵਿੱਚ ਪਹਿਲਾਂ ਵੀ ਪੁਲਿਸ ਥਾਣਿਆਂ ਅਤੇ ਸਿਆਸੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਅਪਰਾਧੀਆਂ ਦੇ ਮਨ ਵਿੱਚ ਕਾਨੂੰਨ ਦਾ ਡਰ ਕਿਉਂ ਖ਼ਤਮ ਹੋ ਗਿਆ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਸੁਰੱਖਿਅਤ ਮਾਹੌਲ ਵਿੱਚ ਡਿਊਟੀ ਨਿਭਾਉਣ ਲਈ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ।
ਤਰੁਣ ਚੁਗ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ੇ, ਦਹਿਸ਼ਤ, ਡਰ ਅਤੇ ਫਿਰੌਤੀ ਤੋਂ ਮੁਕਤ ਕਰਨ ਦੇ ਸੰਕਲਪ ਨਾਲ ਭਾਜਪਾ ਦੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀ ਸ਼ੁਰੂਆਤ ਹੋ ਰਹੀ ਹੈ। ਪਠਾਨਕੋਟ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਪਹਿਲੀ ਯਾਤਰਾ ਨੂੰ ਰਵਾਨਾ ਕਰਨਗੇ। ਦੂਜੀ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਤੀਜੀ ਫਾਜ਼ਿਲਕਾ ਤੋਂ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਚੌਥੀ ਤਲਵੰਡੀ ਸਾਬੋ, ਬਠਿੰਡਾ ਤੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਸ਼ੁਰੂ ਹੋਵੇਗੀ। ਇਹ ਯਾਤਰਾਵਾਂ ਪੰਜਾਬ ਦੇ ਹਰ ਖੇਤਰ ਤੱਕ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਜਾਣਗੀਆਂ ਅਤੇ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਕੰਮ ਕਰਨਗੀਆਂ। ਚੁਗ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੁਰੱਖਿਅਤ ਪੰਜਾਬ ਚਾਹੁੰਦੀ ਹੈ ਅਤੇ ਨਸ਼ੇ, ਦਹਿਸ਼ਤ, ਗੈਂਗਸਟਰਵਾਦ ਅਤੇ ਫਿਰੌਤੀ ਦੇ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਨੂੰ ਮੁੜ ਅਮਨ, ਸੁਰੱਖਿਆ ਅਤੇ ਕਾਨੂੰਨ ਦੇ ਰਾਜ ਵਾਲਾ ਸੂਬਾ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ASI ਹਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਿਨਾਉਣੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Comments
Post a Comment