ਮੁਕਤ ਵਪਾਰ ਸਮਝੌਤਾ ਰੱਦ ਕਰਾਉਣ ਲਈ ਕਿਸਾਨਾਂ ਨੇ ਘੇਰੇ ਭਾਜਪਾ ਲੀਡਰਾਂ ਦੇ ਘਰ
ਚੰਡੀਗੜ੍ਹ 13 ਸਤੰਬਰ ( ਰਣਜੀਤ ਧਾਲੀਵਾਲ ) : ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਾਉਣ , ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਸੀ ਰੱਦ ਕਰਵਾਉਣ ,ਕਾਸਤਕਾਰ ਕਿਸਾਨਾਂ ਮਜ਼ਦੂਰਾਂ ਆਬਾਦਕਾਰਾਂ ਅਤੇ ਮਜਾਰਿਆਂ ਨੂੰ ਮਾਲਕੀ ਹੱਕ ਦਵਾਉਣ ,ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ ਅਤੇ ਦਰਿਆਈਂ ਪਾਣੀਆਂ ਦੀ ਵੰਡ ਦੇ ਰੱਟੇ ਨੂੰ ਵੱਖ ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਪੋ ਵਿੱਚ ਲੜਾਉਣ ਦੀਆਂ ਸਾਜ਼ਿਸ਼ਾਂ ਬੰਦ ਕਰਕੇ ਇਸ ਮਸਲੇ ਦਾ ਬੇਸਿਨ ਸਿਧਾਂਤ ਤੇ ਰਿਪੇਰੀਅਨ ਕਾਨੂੰਨ ਤਹਿਤ ਨਿਰਪੱਖ ਮਾਹਰਾਂ ਰਾਹੀਂ ਸਦਭਾਵਨਾ ਤਹਿਤ ਹੱਲ ਕਰਨ ਆਦਿ ਮੰਗਾਂ ਨੂੰ ਲੈ ਕੇ ਅੱਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੁਨੀਲ ਜਾਖੜ ਦੇ ਘਰਾਂ ਦਾ ਜਬਰਦਸਤ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਜੁੜੇ ਇਕੱਠਾਂ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ,ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ,ਰੂਪ ਸਿੰਘ ਛੰਨਾ ,ਔਰਤ ਆਗੂ ਕਮਲ ਬਰਨਾਲਾ , ਕੁਲਦੀਪ ਕੁੱਸਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਆਖਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਪਹਿਲਾਂ ਹੀ ਸੰਕਟ ਮੂੰਹ ਆਏ ਖੇਤੀ ਖੇਤਰ ਦਾ ਹੋਰ ਵੀ ਉਜਾੜਾ ਕਰਨ ਦਾ ਸਾਧਨ ਬਣੇਗਾ। ਉਹਨਾਂ ਆਖਿਆ ਕਿ ਮੁਕਤ ਵਪਾਰ ਸਮਝੌਤਾ ਖੇਤੀ ਖੇਤਰ ਤੋਂ ਇਲਾਵਾ ਸਨਅਤੀ ਖੇਤਰ ਅਤੇ ਪਰਚੂਨ ਖੇਤਰ ਦੀ ਵੀ ਤਬਾਹੀ ਦਾ ਸਾਧਨ ਬਣੇਗਾ ਸਿੱਟੇ ਵਜੋਂ ਦੇਸ਼ ਚ ਬੇਰੁਜ਼ਗਾਰੀ, ਮਹਿੰਗਾਈ ਵਧੇਗੀ ਅਤੇ ਜੀਨ ਸੋਧੀਆਂ ਖੁਰਾਕੀ ਵਸਤਾਂ ਦੀ ਆਮਦ ਨਾਲ ਭਾਰਤੀ ਲੋਕ ਭਿਆਨਕ ਬਿਮਾਰੀਆਂ ਮੂੰਹ ਧੱਕੇ ਜਾਣ ਲਈ ਸਰਾਪੇ ਜਾਣਗੇ। ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਏ ਦਿਨ ਅਮਰੀਕੀ ਸਾਮਰਾਜ ਦੇ ਅੱਗੇ ਵਿਛਦੀ ਜਾ ਰਹੀ ਹੈ ਅਤੇ ਤੇਲ ਖਰੀਦਣ ਲਈ ਅਮਰੀਕੀ ਰਾਸ਼ਟਰਪਤੀ ਦੇ ਹੁਕਮਾਂ ਅੱਗੇ ਡੰਡੋਤ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ 2025 ਲਾਗੂ ਕਰਨ ਦੀਆਂ ਤਿਆਰੀਆਂ ਕਰੀ ਬੈਠੀ ਹੈ ਅਤੇ ਫ਼ਸਲਾਂ ਦੇ ਬੀਜਾਂ ਦਾ ਸਮੁੱਚਾ ਕਾਰੋਬਾਰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਬੀਜ ਸੋਧ ਬਿੱਲ ਪਾਸ ਕਰਾਉਣ ਲਈ ਯਤਨਸ਼ੀਲ ਹੈ। ਉਹਨਾਂ ਦੋਸ਼ ਲਾਇਆ ਕਿ ਸਰਕਾਰੀ ਨੀਤੀਆਂ ਦੀ ਬਦੌਲਤ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਥਾਂ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਲੱਖਾਂ ਕਰੋੜਾਂ ਦੇ ਕਰਜ਼ੇ ਖ਼ਤਮ ਕਰ ਰਹੀ ਹੈ।
ਉਹਨਾਂ ਮੰਗ ਕੀਤੀ ਕਿ ਹੜਾਂ ਕਾਰਨ ਪਿਛਲੇ ਵਰ੍ਹੇ ਕਿਸਾਨਾਂ ਮਜ਼ਦੂਰਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਮਨਰੇਗਾ ਕਾਨੂੰਨ ਬਹਾਲ ਕਰਕੇ ਦੋ ਸੌ ਦਿਨ ਕੰਮ ਦੇਣ ਦੀ ਗਰੰਟੀ ਕੀਤੀ ਜਾਵੇ, ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਸਭਨਾਂ ਅਦਾਰਿਆਂ ਚ ਪੱਕੀ ਭਰਤੀ ਦੀ ਨੀਤੀ ਲਾਗੂ ਕੀਤੀ ਜਾਵੇ ,ਆਬਾਦਕਾਰਾਂ ਅਤੇ ਜਮੀਨਾਂ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ ਅਤੇ ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਕਰਜੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਵਿਭਿੰਨਤਾ ਲਿਆ ਕੇ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤੀ ਨੀਤੀ ਲਾਗੂ ਕੀਤਾ ਜਾਵੇ, ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕੀਤੇ ਜਾਣ, ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸੰਬੰਧਿਤ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪੁਲਿਸ ਜਬਰ ਦੇ ਹੱਥ ਕੰਡੇ ਵਰਤਣੇ ਬੰਦ ਕੀਤੇ ਜਾਣਗੇ, ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਖਾਤਰ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਜਾਵੇ।

Comments
Post a Comment