ਪਿਤਾ ਦੇ ਸੰਘਰਸ਼ ਤੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੀ ਪੁਸਤਕ ਦਾ ਮਕਸਦ : ਗੁਰਵਿੰਦਰ ਸਿੰਘ ਡੂਮਛੇੜੀ
ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ’ਤੇ ਆਧਾਰਿਤ ਪੁਸਤਕ ਦਾ ਲੋਕਾਰਪਣ
ਐਸ.ਏ.ਐਸ.ਨਗਰ 12 ਸਤੰਬਰ ( ਰਣਜੀਤ ਧਾਲੀਵਾਲ ) : ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨੂੰ ਸਮਰਪਿਤ ਪੁਸਤਕ ‘ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ’ ਦਾ ਅੱਜ ਫੇਜ਼-11 ਸਥਿਤ ਵਿੰਧਯਮ ਹੋਟਲ-ਮੋਹਾਲੀ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਲੋਕਾਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ, ਉਨ੍ਹਾਂ ਵਲੋਂ ਕੀਤੇ ਸੰਘਰਸ਼, ਉਨ੍ਹਾਂ ਦੀ ਸੋਚ ਅਤੇ ਸਮਾਜ ਪ੍ਰਤੀ ਨਿਭਾਈ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੇ ਜੀਵਨ ਅਤੇ ਉਨ੍ਹਾਂ ਵਲੋਂ ਕੀਤੇ ਸੰਘਰਸ਼ ਨੂੰ ਇਤਿਹਾਸ ਦੇ ਪੰਨਿਆਂ ਤੱਕ ਸੀਮਤ ਰੱਖਣ ਦੀ ਬਜਾਏ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਸਕਣ।
ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪੁਸਤਕ ਸਬੰਧੀ ਵਿਚਾਰ-ਗੋਸ਼ਟੀ ਵੀ ਕਰਵਾਈ ਗਈ, ਜਿਸ ਵਿੱਚ ਬੁਲਾਰਿਆਂ ਨੇ ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੱਤਾ। ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਪੁੱਤਰ ਗੁਰਵਿੰਦਰ ਸਿੰਘ ਡੂਮਛੇੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ, ਸੰਘਰਸ਼ ਅਤੇ ਵਿਚਾਰਾਂ ਨੂੰ ਪੁਸਤਕ ਦੇ ਰੂਪ ਵਿਚ ਸਾਂਭਣ ਦਾ ਮੁੱਖ ਮਕਸਦ ਉਨ੍ਹਾਂ ਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਇਤਿਹਾਸ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨੂੰ ਸਮਝ ਸਕਦੀ ਹੈ।

Comments
Post a Comment