ਮੋਹਨਜੀਤ ਸ਼ੇਰੋਂ ਦੀ ਰਿਹਾਈ ਤੋਂ ਬਾਅਦ ਪੁਲਿਸ ’ਤੇ ਗੰਭੀਰ ਦੋਸ਼, ਭਾਜਪਾ ਨੇ ਪੰਜਾਬ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ
ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ
ਚੰਡੀਗੜ੍ਹ 4 ਸਤੰਬਰ ( ਰਣਜੀਤ ਧਾਲੀਵਾਲ ) : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੋਹਨਜੀਤ ਸ਼ੇਰੋਂ ਨਾਲ ਹੋਏ ਕਥਿਤ ਪੁਲਿਸ ਜ਼ੁਲਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨਾਲ ਜ਼ੁਲਮ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਮੁਗਲਾਂ ਦੇ ਜ਼ੁਲਮ ਭਰੇ ਸ਼ਾਸਨ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਪੰਜਾਬ ਦੀ ਧਰਤੀ ’ਤੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ, ਤਸ਼ੱਦਦ ਜਾਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਬਰਦਾਸ਼ਤਯੋਗ ਨਹੀਂ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਦੋਂ ਵਿਰੋਧੀ ਧਿਰ ਵਿੱਚ ਸੀ ਤਾਂ ਖੁਦ ਕਹਿੰਦੀ ਸੀ ਕਿ ਲੋਕ ਅਤੇ ਆਗੂ ਸਰਕਾਰ ਤੋਂ ਸਵਾਲ ਪੁੱਛਣ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਸੇ ਸਰਕਾਰ ਨੇ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਅਤੇ ਉਨ੍ਹਾਂ ’ਤੇ ਜ਼ੁਲਮ ਕਰਨ ਦੀ ਨੀਤੀ ਅਪਣਾ ਲਈ ਹੈ। ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਅਧਿਕਾਰ ਹੈ, ਕੋਈ ਜੁਰਮ ਨਹੀਂ।
ਹਰਦੇਵ ਸਿੰਘ ਉੱਭਾ ਨੇ ਬੇਨਤੀ ਕੀਤੀ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਤੇ ਮਾਨਯੋਗ ਹਾਈਕੋਰਟ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਨਿਰਪੱਖ ਅਤੇ ਸਖ਼ਤ ਜਾਂਚ ਕਰੇ। ਜੇਕਰ ਜਾਂਚ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਸਿੱਖਾਂ ’ਤੇ ਕਿਸੇ ਵੀ ਤਰ੍ਹਾਂ ਦੇ ਜ਼ੁਲਮ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ।

Comments
Post a Comment