ਟ੍ਰੇਡ ਡੀਲ ਬਾਰੇ ਟਰੰਪ ਦੇ ਬਿਆਨ ਨਾਲ ਕਿਸਾਨ ਚਿੰਤਤ, 100 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਦੀ ਚੇਤਾਵਨੀ
ਨਵੀਂ ਦਿੱਲੀ/ਚੰਡੀਗੜ੍ਹ 22 ਅਕਤੂਬਰ ਰਣਜੀਤ ਧਾਲੀਵਾਲ ) : ਭਾਰਤ-ਅਮਰੀਕਾ ਟ੍ਰੇਡ ਡੀਲ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਨੇ ਭਾਰਤੀ ਕਿਸਾਨਾਂ ਨੂੰ ਚੌਕਸ ਕਰ ਦਿੱਤਾ ਹੈ। ਅੱਜ ਨਵੀਂ ਦਿੱਲੀ ਵਿੱਚ 100 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਭਾਰਤੀ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਟ੍ਰੇਡ ਡੀਲ ਦੇ ਖਰੜੇ ’ਤੇ ਦਸਤਖ਼ਤ ਕੀਤੇ, ਤਾਂ ਕਿਸਾਨ ਦੇਸ਼-ਵਿਆਪੀ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ।ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਭਾਰਤ ਅਤੇ ਅਮਰੀਕਾ ਟ੍ਰੇਡ ਡੀਲ ’ਤੇ ਸਮਝੌਤੇ ਦੇ ਬਿਲਕੁਲ ਨੇੜੇ ਪਹੁੰਚ ਗਏ ਹਨ ਅਤੇ ਇਹ ਡੀਲ ਪਿਛਲੇ ਸਮਝੌਤਿਆਂ ਤੋਂ ਵੱਖਰੀ ਹੋਵੇਗੀ। ਕਿਸਾਨ ਜਥੇਬੰਦੀਆਂ ਦੀ ਇਹ ਮੀਟਿੰਗ ਦੇਸ਼ ਬਚਾਓ ਮੋਰਚਾ ਦੇ ਬੈਨਰ ਹੇਠ ਨਵੀਂ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਕੰਪਲੈਕਸ ਵਿੱਚ ਹੋਈ। ਸਰਕਾਰ ਦੇ ਫੈਸਲਿਆਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਐਮਰਜੈਂਸੀ ਫੈਸਲੇ ਲੈਣ ਲਈ ਹਰਿਆਣਾ ਦੇ ਕਿਸਾਨ ਆਗੂ ਸ਼੍ਰੀ ਗੁਰਨਾਮ ਸਿੰਘ ਚੜੂਨੀ ਨੂੰ ਅਧਿਕਾਰਤ ਕੀਤਾ ਗਿਆ। ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਕਿਸਾਨ ਆਗੂ ਸ਼੍ਰੀ ਐੱਮ. ਸਿੰਘ ਨੇ ਰੱਖਿਆ, ਜਿਸ ਨੂੰ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।
ਮੋਰਚੇ ਦੀ ਕੋਰ ਕਮੇਟੀ ਦੇ ਮੈਂਬਰ ਵਿਸ਼ਵਾਤਮਾ ਭਾਰਤ ਗਾਂਧੀ ਨੇ ਅਪੀਲ ਕੀਤੀ ਕਿ ਦੇਸ਼ ਬਚਾਓ ਮੋਰਚਾ ਨੂੰ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦਾ ਸਾਂਝਾ ਮੋਰਚਾ ਬਣਾਇਆ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮੋਰਚੇ ਨੂੰ ਸਹੀ ਅਰਥਾਂ ਵਿੱਚ ਲੋਕਤੰਤਰੀ ਢੰਗ ਨਾਲ ਚਲਾਇਆ ਜਾਵੇ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਪਾਰਦਰਸ਼ੀ ਬਣਾਈ ਜਾਵੇ। ਮੀਟਿੰਗ ਵਿੱਚ ਬੰਬੇ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਬੀ. ਜੀ. ਕੋਲਸੇ-ਪਾਟਿਲ ਸਮੇਤ ਕੁਝ ਹੋਰ ਵਿਅਕਤੀਆਂ ਨੂੰ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਅਧਿਕਾਰਤ ਕੀਤਾ ਗਿਆ।
ਮੀਟਿੰਗ ਵਿੱਚ ਇਹ ਵੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਦੇਸ਼ ਵਿੱਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਚੱਲ ਰਹੇ ਅੰਦੋਲਨ, ਈਵੀਐੱਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ) ਵਿਰੁੱਧ ਅੰਦੋਲਨ ਅਤੇ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੋਕਤੰਤਰੀ ਅਤੇ ਸੰਵਿਧਾਨਕ ਤਰੀਕੇ ਨਾਲ ਸਰਕਾਰ ਨੂੰ ਸੱਤਾ ਤੋਂ ਹਟਾਉਣ ਲਈ ਚਲਾਏ ਜਾ ਰਹੇ ਅੰਦੋਲਨਾਂ ਨਾਲ ਗੱਲਬਾਤ ਕਰਨ ਵਾਸਤੇ ਤਿੰਨ ਪ੍ਰਤੀਨਿਧੀ ਮੰਡਲ ਬਣਾਏ ਜਾਣਗੇ। ਦੇਸ਼ ਬਚਾਓ ਮੋਰਚਾ ਨਾਲ ਵੱਖ-ਵੱਖ ਅੰਦੋਲਨਾਂ ਦਾ ਤਾਲਮੇਲ ਬਣਾਉਣ ਲਈ ਹਰ ਸੂਬੇ ਵਿੱਚ ਘੱਟੋ-ਘੱਟ ਇੱਕ ਮੀਟਿੰਗ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਵਿੱਚ ਦੇਸ਼ ਬਚਾਓ ਮੋਰਚਾ ਦੀ ਕੋਰ ਕਮੇਟੀ ਦੇ ਵੱਧ ਤੋਂ ਵੱਧ ਮੈਂਬਰ ਸ਼ਾਮਲ ਹੋਣਗੇ।
ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮਣੀਪੁਰ, ਮਹਾਰਾਸ਼ਟਰ ਅਤੇ ਕਈ ਹੋਰ ਸੂਬਿਆਂ ਵਿੱਚ ਕਿਸਾਨ ਬਚਾਓ ਮੋਰਚਾ ਦੀਆਂ ਮੀਟਿੰਗਾਂ ਦੀਆਂ ਤਾਰੀਖਾਂ ਅਤੇ ਕਨਵੀਨਰਾਂ ਦੇ ਨਾਮ ਤੈਅ ਕਰ ਦਿੱਤੇ ਗਏ ਹਨ।ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਆਏ ਪ੍ਰਸਿੱਧ ਕਿਸਾਨ ਆਗੂ ਸ਼੍ਰੀ ਜਸਬੀਰ ਸਿੰਘ ਭੱਟੀ ਨੇ ਕੀਤੀ। ਮੀਟਿੰਗ ਦੀ ਕਾਰਵਾਈ ਕਿਸਾਨ ਆਗੂ ਸ਼੍ਰੀ ਵੀ. ਐੱਮ. ਸਿੰਘ ਅਤੇ ਸ਼੍ਰੀ ਗੁਰਨਾਮ ਸਿੰਘ ਚੜੂਨੀ ਨੇ ਸਾਂਝੇ ਤੌਰ ’ਤੇ ਚਲਾਈ। ਕਿਸਾਨ ਆਗੂਆਂ ਤੋਂ ਇਲਾਵਾ ਮੀਟਿੰਗ ਵਿੱਚ ਸੁਪਰੀਮ ਕੋਰਟ ਦੇ ਵਕੀਲ ਸ਼੍ਰੀ ਮਹਿਮੂਦ ਪ੍ਰਾਚਾ, ਸ਼੍ਰੀ ਭਾਨੂ ਪ੍ਰਤਾਪ ਸਿੰਘ ਅਤੇ ਸ਼੍ਰੀ ਬਲਰਾਜ ਸਿੰਘ ਮਲਿਕ ਸਮੇਤ ਕਈ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

Comments
Post a Comment