ਪੰਜਾਬ ਨੂੰ ਗੱਲਾਂ ਨਹੀਂ, ਠੋਸ ਐਲਾਨ ਤੇ ਹੱਲ ਚਾਹੀਦੇ ਹਨ—ਅਮਿਤ ਸ਼ਾਹ ਦੀ ਯਾਤਰਾ ਤੋਂ ਪੰਜਾਬੀਆਂ ਨੂੰ ਨਿਰਾਸ਼ਾ : ਲੱਖੋਵਾਲ
ਪੰਜਾਬ ਨੂੰ ਗੱਲਾਂ ਨਹੀਂ, ਠੋਸ ਐਲਾਨ ਤੇ ਹੱਲ ਚਾਹੀਦੇ ਹਨ—ਅਮਿਤ ਸ਼ਾਹ ਦੀ ਯਾਤਰਾ ਤੋਂ ਪੰਜਾਬੀਆਂ ਨੂੰ ਨਿਰਾਸ਼ਾ : ਲੱਖੋਵਾਲ
ਚੰਡੀਗੜ੍ਹ 30 ਸਤੰਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਯਾਤਰਾ ਦੇ ਸਮਾਪਤੀ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਕੋਈ ਠੋਸ ਐਲਾਨ ਨਾ ਕੀਤੇ ਜਾਣ ’ਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੱਲਾਂ-ਬਾਤਾਂ ਦੀ ਬਜਾਏ ਠੋਸ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਹੱਲ ਚਾਹੀਦੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਉਡੀਕ ਕਰ ਰਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਲਈ ਐਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਬਾਰੇ ਕੋਈ ਵੱਡਾ ਐਲਾਨ ਕੀਤਾ ਜਾਵੇਗਾ। ਸਿੱਖ ਕੌਮ ਉਮੀਦ ਕਰ ਰਹੀ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਮਸਲਿਆਂ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪਹਿਲਕਦਮੀ ਕੀਤੀ ਜਾਵੇਗੀ। ਪੰਜਾਬ ਦਾ ਨੌਜਵਾਨ ਰੁਜ਼ਗਾਰ ਦੀ ਆਸ ਲਗਾਈ ਬੈਠਾ ਸੀ ਅਤੇ ਮਜ਼ਦੂਰ ਵਰਗ ਵੀ ਆਪਣੇ ਰੁਜ਼ਗਾਰ ਤੇ ਆਰਥਿਕ ਹਾਲਾਤਾਂ ਵਿੱਚ ਸੁਧਾਰ ਲਈ ਕੇਂਦਰ ਤੋਂ ਕਿਸੇ ਐਲਾਨ ਦੀ ਉਮੀਦ ਕਰ ਰਿਹਾ ਸੀ। ਇਸੇ ਤਰ੍ਹਾਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਆਸ ਸੀ ਕਿ ਪੰਜਾਬ ਲਈ ਕੋਈ ਵੱਡਾ ਵਿਸ਼ੇਸ਼ ਆਰਥਿਕ ਪੈਕੇਜ ਐਲਾਨਿਆ ਜਾਵੇਗਾ, ਪਰ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਗਈ ਹੈ। ਜੇਕਰ ਭਾਜਪਾ ਹੀ ਪੰਜਾਬ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰ ਰਹੀ ਹੈ ਤਾਂ ਸਵਾਲ ਇਹ ਹੈ ਕਿ ਅੱਜ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਅਤੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀ ਵੀ ਅਹਿਮ ਜ਼ਿੰਮੇਵਾਰੀ ਹੈ, ਫਿਰ ਸਰਹੱਦ ਪਾਰੋਂ ਆਉਂਦੇ ਨਸ਼ੇ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਆਪਣੀ ਮੌਜੂਦਾ ਜ਼ਿੰਮੇਵਾਰੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਨਹੀਂ ਨਿਭਾ ਰਹੀ? ਨਸ਼ੇ ਦੇ ਖਾਤਮੇ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਰਹੱਦ ਤੋਂ ਲੈ ਕੇ ਪੰਜਾਬ ਦੇ ਪਿੰਡਾਂ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਠੋਸ ਅਤੇ ਪਾਰਦਰਸ਼ੀ ਕਾਰਵਾਈ ਕਰਨੀ ਚਾਹੀਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦਿਆਂ ਅਤੇ ਭਾਸ਼ਣਾਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਪੰਜਾਬ ਦੀ ਕਿਸਾਨੀ, ਜਵਾਨੀ, ਮਜ਼ਦੂਰ ਵਰਗ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਿਖਤੀ ਭਰੋਸੇ, ਠੋਸ ਨੀਤੀਆਂ ਅਤੇ ਸਮੇਂਬੱਧ ਕਾਰਵਾਈ ਦੀ ਲੋੜ ਹੈ। ਸਾਰੇ ਸਿਆਸੀ ਦਲਾਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਲਾਹੇਵੰਦ ਐਮ.ਐੱਸ.ਪੀ., ਨੌਜਵਾਨਾਂ ਨੂੰ ਰੁਜ਼ਗਾਰ, ਮਜ਼ਦੂਰਾਂ ਨੂੰ ਸੁਰੱਖਿਅਤ ਰੁਜ਼ਗਾਰ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੀ ਠੋਸ ਕਦਮ ਚੁੱਕਣਗੇ।

Comments
Post a Comment