ਚੰਡੀਗੜ੍ਹ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਲਾਗੂ ਹੋਵੇ ਪਾਠ ਪੁਸਤਕਾਂ ਲਈ ਡੀਬੀਟੀ ਯੋਜਨਾ
ਨੌਵੀਂ ਜਮਾਤ ਦੀਆਂ ਦੋ ਕਿਤਾਬਾਂ ਅਜੇ ਤੱਕ ਨਾ ਮਿਲਣ ’ਤੇ ਉੱਠੇ ਸਵਾਲ, ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾਉਣ ਦੀ ਮੰਗ
ਚੰਡੀਗੜ੍ਹ 25 ਅਕਤੂਬਰ ( ਰਣਜੀਤ ਧਾਲੀਵਾਲ ) : ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਪਾਠ ਪੁਸਤਕਾਂ ਅਤੇ ਹੋਰ ਸਿੱਖਿਆ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਦੀ ਤਰਜ਼ ’ਤੇ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ਵਿੱਚ ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਪੱਤਰ ਭੇਜ ਕੇ ਵਿਦਿਆਰਥੀਆਂ ਨੂੰ ਕਿਤਾਬਾਂ, ਸਕੂਲ ਵਰਦੀਆਂ ਅਤੇ ਵਜ਼ੀਫ਼ਿਆਂ ਦਾ ਲਾਭ ਸਮੇਂ ਸਿਰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਲੋੜੀਂਦੀਆਂ ਪਾਠ ਪੁਸਤਕਾਂ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਦੱਸਿਆ ਗਿਆ ਹੈ ਕਿ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿਰਧਾਰਤ ਦੋ ਪਾਠ ਪੁਸਤਕਾਂ ਅਜੇ ਤੱਕ ਨਹੀਂ ਮਿਲੀਆਂ। ਕਿਤਾਬਾਂ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ ਅਤੇ ਮਾਪਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੱਤਰ ਵਿੱਚ ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਵੱਲੋਂ 8 ਅਕਤੂਬਰ 2026 ਨੂੰ ਜਾਰੀ ਸਰਕੂਲਰ ਨੰਬਰ F.DE.23/DBT/PFMS/2026 ਦਾ ਹਵਾਲਾ ਦਿੰਦਿਆਂ ਚੰਡੀਗੜ੍ਹ ਵਿੱਚ ਵੀ ਇਸੇ ਤਰ੍ਹਾਂ ਦੀ ਵਿਵਸਥਾ ਲਾਗੂ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਇਸ ਤਹਿਤ ਯੋਗ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਦੇ ਬੈਂਕ ਖਾਤਿਆਂ ਵਿੱਚ ਕਿਤਾਬਾਂ ਅਤੇ ਵਰਦੀਆਂ ਦੀ ਨਿਰਧਾਰਤ ਲਾਗਤ ਸਿੱਧੀ ਟਰਾਂਸਫਰ ਕਰਨ ਦੀ ਵਿਵਸਥਾ ’ਤੇ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ।
ਫਾਊਂਡੇਸ਼ਨ ਨੇ ਮੰਗ ਕੀਤੀ ਹੈ ਕਿ ਨੌਵੀਂ ਜਮਾਤ ਦੀਆਂ ਬਕਾਇਆ ਕਿਤਾਬਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਅਤੇ ਭਵਿੱਖ ਵਿੱਚ ਹਰ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਮਿਲਣੀਆਂ ਯਕੀਨੀ ਬਣਾਈਆਂ ਜਾਣ। ਇਸ ਦੇ ਨਾਲ ਹੀ ਕਿਤਾਬਾਂ ਦੀ ਵੰਡ ਅਤੇ ਡੀਬੀਟੀ ਭੁਗਤਾਨ ਦੀ ਨਿਗਰਾਨੀ ਲਈ ਡਿਜੀਟਲ ਟਰੈਕਿੰਗ ਸਿਸਟਮ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਵਿਵਸਥਾ ਵਿਕਸਤ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬੈਂਕ ਖਾਤੇ ਦੀ ਗਲਤ ਜਾਣਕਾਰੀ ਜਾਂ ਭੁਗਤਾਨ ਵਿੱਚ ਤਕਨੀਕੀ ਖ਼ਰਾਬੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਸਿੱਖਿਆ ਸਬੰਧੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦੇਣਾ ਚਾਹੀਦਾ। ਸਿੱਖਿਆ ਸੰਸਥਾਵਾਂ ਅਤੇ ਸਹੂਲਤਾਂ ਲਈ ਪ੍ਰਸਿੱਧ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨੂੰ ਸਮੇਂ ਸਿਰ ਸਿੱਖਿਆ ਸਮੱਗਰੀ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੋਣੀ ਚਾਹੀਦੀ ਹੈ। ਫਾਊਂਡੇਸ਼ਨ ਨੇ ਪ੍ਰਸ਼ਾਸਨ ਨੂੰ ਦਿੱਲੀ ਦੇ ਮਾਡਲ ਦਾ ਅਧਿਐਨ ਕਰਕੇ ਚੰਡੀਗੜ੍ਹ ਵਿੱਚ ਅਜਿਹੀ ਯੋਜਨਾ ਸ਼ੁਰੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਬਕਾਇਆ ਕਿਤਾਬਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।

Comments
Post a Comment