ਨਸ਼ਾ ਪੰਜਾਬ ਲਈ ਦੀਮਕ ਤੋਂ ਘੱਟ ਨਹੀਂ, ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ : ਹਰਿੰਦਰ ਸਿੰਘ ਲੱਖੋਵਾਲ
ਨਸ਼ਾ ਪੰਜਾਬ ਲਈ ਦੀਮਕ ਤੋਂ ਘੱਟ ਨਹੀਂ, ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ : ਹਰਿੰਦਰ ਸਿੰਘ ਲੱਖੋਵਾਲ
ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਬਲ ਦੇਣ ਲਈ 24 ਅਕਤੂਬਰ ਨੂੰ ਮਾਨਸਾ ਵਿਖੇ ਪਹੁੰਚਣਗੇ ਰਾਸ਼ਟਰੀ ਕਿਸਾਨ ਆਗੂ ਰਾਕੇਸ਼ ਟਿਕੈਤ
ਚੰਡੀਗੜ੍ਹ 22 ਅਕਤੂਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਦੀਮਕ ਤੋਂ ਘੱਟ ਨਹੀਂ ਹੈ। ਨਸ਼ਿਆਂ ਦੇ ਕਹਿਰ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਚੰਗੇ ਤੋਂ ਚੰਗੇ ਪੜ੍ਹੇ-ਲਿਖੇ ਅਤੇ ਮਿਹਨਤਕਸ਼ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ, ਜਿਸ ਕਾਰਨ ਅਨੇਕਾਂ ਪਰਿਵਾਰ ਉੱਜੜ ਗਏ ਹਨ। ਇਸ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਅਤੇ ਇੱਕ ਮਜ਼ਬੂਤ ਮਨੁੱਖੀ ਲੜੀ ਬਣਾਉਣ ਦੀ ਲੋੜ ਹੈ, ਤਾਂ ਜੋ ਨਸ਼ਿਆਂ ਵਿਰੁੱਧ ਚੱਲ ਰਹੀ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵੀਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਬਲ ਦੇਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਜੀ 24 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਮਾਨਸਾ ਵਿਖੇ ਪਹੁੰਚ ਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲਿਆਂ ਨੂੰ ਇਨਸਾਫ਼ ਦਿਵਾਉਣਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਕਿਸਾਨ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਮੂਹ ਸੂਬਾਈ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ-ਆਪਣੀਆਂ ਟੀਮਾਂ ਸਮੇਤ 24 ਅਕਤੂਬਰ ਨੂੰ ਮਾਨਸਾ ਵਿਖੇ ਪਹੁੰਚਣ, ਤਾਂ ਜੋ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਲਹਿਰ ਨੂੰ ਹੋਰ ਮਜ਼ਬੂਤੀ ਮਿਲ ਸਕੇ।

Comments
Post a Comment