ਪੀਸੀਐੱਸ ਭਰਤੀ ਘੁਟਾਲੇ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਸੀਐੱਮ ਰਿਹਾਇਸ਼ ਦਾ ਘਿਰਾਓ, ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਅਰਥੀ ਫੂਕ ਪ੍ਰਦਰਸ਼ਨ
ਪੀਸੀਐੱਸ ਭਰਤੀ ਘੁਟਾਲੇ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਸੀਐੱਮ ਰਿਹਾਇਸ਼ ਦਾ ਘਿਰਾਓ, ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਅਰਥੀ ਫੂਕ ਪ੍ਰਦਰਸ਼ਨ
ਸ਼ੁਭਮ ਨੂੰ ਜੇਲ੍ਹ ਵਿੱਚ ਡੱਕਣਾ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਡਰੱਗ ਤੇ ਪੇਪਰ ਲੀਕ ਮਾਫ਼ੀਆ ਨਾਲ ਮਿਲੀਭੁਗਤ ਦਾ ਸਬੂਤ
ਕੇਜਰੀਵਾਲ ਨੂੰ ਲੱਗਦਾ ਹੈ ਕਿ ਕਾਂਗਰਸੀ ਜੇਲ੍ਹਾਂ ਤੋਂ ਡਰ ਜਾਣਗੇ, ਪਰ ਤੁਹਾਡੀ ਨੌਟੰਕੀ ਖ਼ਤਮ ਹੋ ਜਾਵੇਗੀ, ਸਾਡਾ ਡਰ ਨਹੀਂ: ਉਦੈ ਭਾਨੂ ਚਿਬ
ਚੰਡੀਗੜ੍ਹ 23 ਨਵੰਬਰ ( ਰਣਜੀਤ ਧਾਲੀਵਾਲ ) : ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਪੀਸੀਐੱਸ ਭਰਤੀ ਘੁਟਾਲੇ ਦੇ ਵਿਰੋਧ ਵਿੱਚ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜ਼ੋਰਦਾਰ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਬਾਰੇ ਜਵਾਬ ਮੰਗਿਆ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਤਾਕਤ ਦੀ ਵਰਤੋਂ ਕੀਤੀ ਗਈ। ਚਿਬ ਨੇ ਇਸ ਨੂੰ ਨੌਜਵਾਨਾਂ ਦੀ ਜਮਹੂਰੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦੈ ਭਾਨੂ ਚਿਬ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਲੁੱਟਣ ਅਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਿੱਚ ਲੱਗੀ ਹੋਈ ਹੈ। ਚਾਹੇ ਪੇਪਰ ਲੀਕ ਦਾ ਮਾਮਲਾ ਹੋਵੇ ਜਾਂ ਨਸ਼ਿਆਂ ਦਾ ਕਾਰੋਬਾਰ, ਪੰਜਾਬ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਨ੍ਹਾਂ ਸਮੱਸਿਆਵਾਂ ਨੂੰ ਰੋਕਣ ਦੀ ਬਜਾਏ ਇਨ੍ਹਾਂ ਨੂੰ ਹੋਰ ਵਧਾਇਆ ਜਾ ਰਿਹਾ ਹੈ।
ਚਿਬ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਭੀ’ ਨੇ ਦੋ ਜ਼ਿਲ੍ਹਾ ਪ੍ਰਧਾਨਾਂ ਅਤੇ ਆਪਣੀ ਪੂਰੀ ਟੀਮ ਨਾਲ ਪਬਲਿਕ ਸਰਵਿਸ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਤੇ ਗੇਟਾਂ ਨੂੰ ਤਾਲੇ ਲਗਾ ਕੇ ਪੇਪਰ ਲੀਕ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣਾ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਅਤੇ ਉਨ੍ਹਾਂ ਖ਼ਿਲਾਫ਼ ਕਈ ਧਾਰਾਵਾਂ ਲਗਾ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਨੂੰ ਜੇਲ੍ਹ ਭੇਜਣਾ ਸਰਕਾਰ ਦੀ ਬੁਖਲਾਹਟ ਅਤੇ ਨੌਜਵਾਨਾਂ ਦੀ ਆਵਾਜ਼ ਤੋਂ ਉਸ ਦੇ ਡਰ ਨੂੰ ਦਰਸਾਉਂਦਾ ਹੈ। ਹਾਲਾਂਕਿ, ਅਦਾਲਤ ਵੱਲੋਂ ਸ਼ੁਭਮ ਨੂੰ ਜ਼ਮਾਨਤ ਮਿਲਣਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਇੱਕ ਕਰਾਰਾ ਜਵਾਬ ਹੈ। ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ, “ਕੇਜਰੀਵਾਲ ਨੂੰ ਲੱਗਦਾ ਹੈ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਡਰਾਇਆ ਜਾ ਸਕਦਾ ਹੈ। ਕੇਜਰੀਵਾਲ ਜੀ, ਤੁਹਾਡੀ ਨੌਟੰਕੀ ਖ਼ਤਮ ਹੋ ਜਾਵੇਗੀ, ਪਰ ਸਾਡਾ ਡਰ ਕਦੇ ਖ਼ਤਮ ਨਹੀਂ ਹੋਵੇਗਾ। ਸ਼ੁਭਮ ਸ਼ਰਮਾ ਨੂੰ ਜੇਲ੍ਹ ਵਿੱਚ ਡੱਕਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਡਰੱਗ ਅਤੇ ਪੇਪਰ ਲੀਕ ਮਾਫ਼ੀਆ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸਰਕਾਰ ਨਿਸ਼ਾਨਾ ਬਣਾ ਰਹੀ ਹੈ। ਸਾਡਾ ਦੋਸ਼ ਹੈ ਕਿ ਇਨ੍ਹਾਂ ਮਾਫ਼ੀਆ ਨੂੰ ਸਿਆਸੀ ਸਰਪ੍ਰਸਤੀ ਹਾਸਲ ਹੈ ਅਤੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਸ ਦਾ ਜਵਾਬ ਦੇਣਾ ਪਵੇਗਾ।”
ਚਿਬ ਨੇ ਕਿਹਾ ਕਿ ਸ਼ੁਭਮ ਨੂੰ ਜ਼ਮਾਨਤ ਮਿਲਣਾ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਖ਼ਿਲਾਫ਼ ਜਿੱਤ ਹੈ ਅਤੇ ਸ਼ੁਭਮ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ, ਪਾਰਦਰਸ਼ੀ ਭਰਤੀ ਪ੍ਰਕਿਰਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਪੂਰੀ ਤਾਕਤ ਨਾਲ ਲੜਦੀ ਰਹੇਗੀ। ਪੇਪਰ ਲੀਕ ਅਤੇ ਭਰਤੀ ਘੁਟਾਲੇ ਬਾਰੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਗ੍ਰਿਫ਼ਤਾਰੀਆਂ, ਮੁਕੱਦਮਿਆਂ, ਪਾਣੀ ਦੀਆਂ ਬੁਛਾੜਾਂ ਅਤੇ ਪੁਲਿਸ ਦੀ ਤਾਕਤ ਨਾਲ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਹੋਰ ਵੀ ਮਜ਼ਬੂਤੀ ਨਾਲ ਲੜੀ ਜਾਵੇਗੀ।

Comments
Post a Comment